ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ
- ਡਿਪਟੀ ਸਪੀਕਰ ਨੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 25 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਹ ਵਿਚਾਰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਦੇ ਚਾਰ ਸਰਕਾਰੀ ਸਕੂਲਾਂ ਵਿਚ 16.31 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਰੱਖੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਤਨੌਰ ਵਿਖੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਵਿਖੇ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਕਿਤਨਾ ਵਿਖੇ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਵਿਖੇ ਕਲਾਸਰੂਮ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਮਾੜੀ ਸਥਿਤੀ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਹੀਜੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਆਧਾਰ ਬਣੇਗੀ ਤੇ ਸਰਕਾਰੀ ਸਕੂਲਾਂ ਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 54 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਉਨਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।