ਸਥਾਨਕ ਸਰਕਾਰਾਂ ਮੰਤਰੀ ਨੇ ਪਿੰਡ ਪੰਡੋਰੀ ਰੁਕਮਨ ਦਾ ਦੌਰਾ ਕਰਕੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ
- ’ਯੁੱਧ ਨਸ਼ਿਆਂ ਵਿਰੁੱਧ’ ’ਚ ਪੰਚਾਇਤਾਂ ਦੀ ਭੂਮਿਕਾ ਅਹਿਮ : ਡਾ. ਰਵਜੋਤ ਸਿੰਘ
- ਕਿਹਾ ਪੰਚਾਇਤਾਂ ਨੂੰ ਸਰਕਾਰ ਵਲੋਂ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ
ਹੁਸ਼ਿਆਰਪੁਰ, 25 ਅਪ੍ਰੈਲ 2025: ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜ਼ਮੀਨੀ ਪੱਧਰ ਤੋਂ ਜਾਣੂ ਅਤੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਡੋਰੀ ਰੁਕਮਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿਵਾਇਆ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਲੋਕਤੰਤਰ ਵਿਵਸਥਾ ਦੀ ਰੀੜ ਦੀ ਹੱਡੀ ਹਨ ਅਤੇ ਪਿੰਡਾਂ ਦੇ ਵਿਕਾਸ ਵਿਚ ਇਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨਸ਼ੇ ਦੇ ਖਿਲਾਫ਼ ਸਰਕਾਰ ਵਲੋਂ ਸ਼ੁਰੂ ਕੀਤੀ ਗਏ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਪੰਚਾਇਤਾਂ ਦਾ ਵਡਮੁੱਲਾ ਯੋਗਦਾਨ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਾਲ ਹੀ ਵਿਚ ਕੀਤੀ ਗਈ ਘੋਸ਼ਣਾ ਅਨੁਸਾਰ ਜੋ ਵੀ ਪਿੰਡ ਖੁਦ ਨੂੰ ਨਸ਼ਾ ਮੁਕਤ ਘੋਸ਼ਿਤ ਕਰਨਗੇ, ਉਸ ਨੂੰ ਸਰਕਾਰ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਦੇ ਰੂਪ ਵਿਚ ਵਿਕਸਿਤ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਰਪੰਚਾਂ ਲਈ 2000 ਰੁਪਏ ਪ੍ਰਤੀ ਮਹੀਨਾ ਮਾਣ-ਭੱਤੇ ਦੀ ਸ਼ੁਰੂਆਤ ਕੀਤੀ ਹੈ ਜੋ ਉਨ੍ਹਾਂ ਦੇ ਚੁਣੇ ਜਾਣ ਦੇ ਦਿਨ ਤੋਂ ਲਾਗੂ ਹੋਣਗੇ। ਇਹ ਕਦਮ ਸਰਕਾਰ ਦੀਆਂ ਪੰਚਾਇਤਾਂ ਅਤੇ ਪੇਂਡੂ ਵਿਕਾਸ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਪੰਚਾਇਤਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਲੋਕ ਹਿਤੈਸ਼ੀ ਯੋਜਨਾਵਾਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਹਰਪ੍ਰੀਤ ਸਿੰਘ ਧਾਮੀ, ਸਰਪੰਚ ਮਨਜਿੰਦਰ ਕੌਰ, ਮਨਜੀਤ ਸਿੰਘ ਚੱਡਾ, ਸਰਪੰਚ ਨਸਰਾਲਾ ਜਰਨੈਲ ਸਿੰਘ, ਸੁਖਦੇਵ ਸਿੰਘ, ਜਤਿੰਦਰ ਸਿੰਘ ਪੰਨੂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।