ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਵਿਖੇ ਕਰਵਾਇਆ ਗਿਆ ਸਮਾਗਮ
ਅਸ਼ੋਕ ਵਰਮਾ
ਬਠਿੰਡਾ, 25 ਅਪ੍ਰੈਲ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਪ੍ਰੋਗਰਾਮ "ਯੁੱਧ ਨਸ਼ਿਆਂ ਵਿਰੁੱਧ" ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਕਮਿਸ਼ਨਰ ਨਗਰ ਨਿਗਮ ਸ੍ਰੀ ਅਜੇ ਅਰੋੜਾ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।
ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਸਿਹਤ, ਸਿੱਖਿਆ ਅਤੇ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਕੀਤੇ ਹਰ ਇੱਕ ਵਾਅਦੇ 'ਤੇ ਖਰੀ ਉਤਰ ਰਹੀ ਹੈ। ਉਨ੍ਹਾਂ ਪੰਚਾਂ ਸਰਪੰਚਾਂ ਅਤੇ ਚੌਂਕੀਦਾਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਸਾਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।
ਇਸ ਦੌਰਾਨ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਧਸੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਤੋਂ ਕੱਢਣ ਲਈ ਸਰਕਾਰ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਵੀ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਚੋਂ ਆਏ ਪੰਚ ਸਰਪੰਚ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ੇ ਨੂੰ ਰੋਕਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ 'ਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ 1 ਮਾਰਚ ਤੋਂ ਲੈ ਕੇ ਹੁਣ ਤੱਕ 250 ਦੇ ਕਰੀਬ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ, ਇਸ ਤੋਂ ਇਲਾਵਾ 300 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਇੱਕ ਮਹੀਨੇ ਸੇਫ ਪੰਜਾਬ ਅਧੀਨ ਜਾਰੀ ਕੀਤੇ ਵਟਸਐਪ ਨੰਬਰ 'ਤੇ ਆਮ ਲੋਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਤਹਿਤ 14 ਐਫਆਈਆਰਜ਼ ਵੀ ਦਰਜ ਕੀਤੀਆਂ ਗਈਆਂ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਵਟਸਐਪ ਨੰਬਰ 9779-100-200 'ਤੇ ਸੂਚਨਾ ਦੇ ਸਕਦੇ ਹਨ। ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਇਸ ਦੌਰਾਨ ਉਨ੍ਹਾਂ ਨਸ਼ਿਆਂ ਖਿਲਾਫ ਪੇਸ਼ ਕੀਤੇ ਗਏ ਨਾਟਕਾਂ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਇਹੋ-ਜਿਹੇ ਨਾਟਕਾਂ ਨੂੰ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਦਿਖਾਇਆ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਹਰਸਿਮਰਨ ਅਤੇ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ ਨੇ ਨਸ਼ਿਆਂ ਨੂੰ ਤਿਆਗ ਕੇ ਆਪਣਾ ਮੂਲ ਪਛਾਨਣ ਦਾ ਸੁਨੇਹਾ ਦਿੱਤਾ।
ਇਸ ਤੋਂ ਪਹਿਲਾਂ ਸ਼ਹੀਦ ਸਿਪਾਹੀ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ ਅਤੇ ਨਾਟਕ ਨਸ਼ਿਆਂ ਵਿਰੁੱਧ ਮੇਰਾ ਵੀਰ ਭਗਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਪੰਜਾਬ ਨਾਟਿਅਯ ਦੇ ਕਲਾਕਾਰਾਂ ਵਲੋਂ "ਆਓ ਕੋਸ਼ਿਸ਼ ਕਰੀਏ" ਨਾਟਕ ਅਤੇ ਕਾਨ੍ਹਾ ਅਕੈਡਮੀ ਪਰਸ ਰਾਮ ਨਗਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਨਾਟਕ ਤੇ ਸੇਂਟ ਜੋਸ਼ਫ ਸਕੂਲ਼ ਦੇ ਵਿਦਿਆਰਥੀਆਂ ਵੱਲੋ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।
ਇਸ ਮੌਕੇ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ, ਡਾਕਟਰਾਂ, ਸਮਾਗਮ ਦੌਰਾਨ ਪੇਸ਼ਕਾਰੀ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਮੁੱਖ ਮੰਤਰੀ ਦਫਤਰ ਦੇ ਖੇਤਰੀ ਫੀਲਰ ਅਫਸਰ ਸ਼੍ਰੀ ਰਮਨਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ੍ਰੀ ਬੱਲੀ ਬਲਜੀਤ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ, ਐੱਸਡੀਐਮ ਸ. ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ, ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀ ਕਿਰਪਾਲ ਸਿੰਘ, ਸਟੇਟ ਵਾਈਸ ਪ੍ਰਧਾਨ ਸੇਵਾ ਮੁਕਤ ਇੰਪਲਾਈਜ ਵਿੰਗ (ਆਪ) ਰਣਜੀਤ ਸਿੰਘ ਮਠਾੜੂ, ਕੌਂਸਲਰ ਸ੍ਰੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਆਦਿ ਹਾਜ਼ਰ ਸਨ।