ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦਾ ਕੀਤਾ ਜਾ ਰਿਹਾ ਸਰਵਪੱਖੀ ਵਿਕਾਸ : ਜਗਸੀਰ ਸਿੰਘ
ਅਸ਼ੋਕ ਵਰਮਾ
ਬਠਿੰਡਾ, 25 ਅਪ੍ਰੈਲ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ, ਸਰਕਾਰੀ ਪ੍ਰਾਇਮਰੀ ਸਕੂਲ ਪੂਹਲਾ, ਸਰਕਾਰੀ ਪ੍ਰਾਇਮਰੀ ਸਕੂਲ ਜੀਦਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ ਤੇ ਵਿਦਿਆਰਥੀ ਸਿੱਖਿਆ ਦੇ ਆਧਾਰ ’ਤੇ ਆਪਣਾ ਭਵਿੱਖ ਸੰਵਾਰ ਸਕਣ।
ਇਸ ਦੌਰਾਨ ਮਾਸਟਰ ਜਗਸੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਮਾਰਟ ਕਲਾਸ ਰੂਮ, ਆਧੁਨਿਕ ਲਾਇਬ੍ਰੇਰੀਆਂ ਅਤੇ ਸਾਇੰਸ ਲੈਬਜ਼ ਇਸੇ ਉਦੇਸ਼ ਦੀ ਉਪਜ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਹੂਲਤ ਪੱਖੋ ਉੱਤਮ ਬਣਾਇਆ ਜਾਵੇਗਾ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।