ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ - ਲਖਬੀਰ ਰਾਏ
ਦੀਦਾਰ ਗੁਰਨਾ
* ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰੀਬ 28 ਲੱਖ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰਹਿੰਦ ਨੰ.1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਆਦਰਸ਼ ਨਗਰ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫਤਹਿਗੜ੍ਹ ਸਾਹਿਬ, 25 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਰਹਿੰਦ ਨੰ.1 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਦਰਸ਼ ਨਗਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।
ਵਿਧਾਇਕ ਰਾਏ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਰਹਿੰਦ ਨੰ.1 ਵਿਖੇ 09.55 ਲੱਖ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਦਰਸ਼ ਨਗਰ ਵਿਖੇ 18.46 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਉਹਨਾਂ ਨੇ ਜਿੱਥੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ, ਉੱਥੇ ਹੀ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ।
ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ ਬਜਟ ਵਿੱਚ 12 ਫੀਸਦੀ ਵਾਧਾ ਕਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਜੀਤਾ, ਬਲਜਿੰਦਰ ਗੋਲਾ, ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਜਤਿੰਦਰ ਸਿੰਘ, ਬਹਾਦਰ ਜਲਾਲ, ਬਿਕਰਮਜੀਤ ਸਹੋਤਾ, ਜੱਸੀ ਰਾਮਦਾਸ ਨਗਰ, ਰਮੇਸ਼ ਕੁਮਾਰ ਸੋਨੂ, ਸੰਦੀਪ ਸਿੱਧਵਾਂ, ਕਰਨੈਲ ਮਾਧੋਪੁਰ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।