ਕੈਬਨਿਟ ਮੰਤਰੀ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ ਨੇ ਅਹੁਦਾ ਸੰਭਾਲਿਆ
ਦੀਦਾਰ ਗੁਰਨਾ
* ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਦਿਨ-ਰਾਤ ਇੱਕ ਕਰ ਕੇ ਕੀਤਾ ਜਾ ਰਿਹੈ ਕੰਮ: ਕੈਬਨਿਟ ਮੰਤਰੀ ਸੌਂਦ
ਮੰਡੀ ਗੋਬਿੰਦਗੜ੍ਹ/ ਫਤਹਿਗੜ੍ਹ ਸਾਹਿਬ, 25 ਅਪ੍ਰੈਲ 2025 - ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਪਹਿਲੇ ਚੇਅਰਮੈਨ ਵਜੋਂ ਜਗਦੀਪ ਸਿੰਘ ਚੱਠਾ ਵੱਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚੇਅਰਮੈਨ ਚੱਠਾ ਨੂੰ ਆਪਣਾ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਨੂੰ ਰਾਜਨੀਤਿਕ ਖੇਤਰ ਵਿੱਚ ਅੱਗੇ ਆਉਣ ਦਾ ਮੌਕਾ ਮਿਲਿਆ ਹੈ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ
ਖੇਤੀ ਲਈ ਨਹਿਰੀ ਪਾਣੀ ਦੇਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨਹਿਰਾਂ, ਖਾਲਾਂ ਅਤੇ ਸੂਇਆਂ ਨੂੰ ਪੱਕਾ ਕਰ ਕੇ ਖੇਤਾਂ ਤੱਕ ਵੱਧ ਤੋਂ ਵੱਧ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਰਹੀ ਹੈ।
ਕੈਬਨਿਟ ਮੰਤਰੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਨਿਖੇਧੀ ਕਰਦਿਆਂ
ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਨਸ਼ਿਆਂ ਖਿਲਾਫ ਕੰਮ ਕੀਤਾ ਹੈ, ਜਿਸ ਦੇ ਸਾਰਥਕ ਸਿੱਟੇ ਸਭ ਦੇ ਸਾਹਮਣੇ ਆਏ ਹਨ।
ਸ. ਸੌਂਦ ਨੇ ਕਿਹਾ ਕਿ ਅੱਜ ਜਦੋਂ ਸਰਕਾਰ ਦੇ ਨੁਮਾਇੰਦੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹਨ ਤਾਂ ਵਿਰੋਧੀਆਂ ਵੱਲੋਂ ਆਲੋਚਨਾ ਕੀਤੀ ਜਾਂਦੀ ਹੈ। ਜਦ ਕਿ ਉਹਨਾਂ ਨੂੰ ਇਹ ਨਹੀਂ ਪਤਾ ਕਿ ਕਈ-ਕਈ ਸਾਲ ਤੱਕ ਸੱਤਾ ਦੇ ਵਿੱਚ ਰਹਿਣ ਦੇ ਬਾਵਜੂਦ, ਉਹ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਨਹੀਂ ਬਣਾ ਸਕੇ।
ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜਗਦੀਪ ਸਿੰਘ ਚੱਠਾ ਨੂੰ ਮੁਬਾਰਕਬਾਦ ਦਿੰਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸ. ਚੱਠਾ ਨੂੰ ਇਸ ਕਮੇਟੀ ਦੇ ਪਲੇਠੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਲਈ ਸ. ਚੱਠਾ ਨੂੰ ਇਸ ਗੱਲ ਦਾ ਖਿਆਲ ਰੱਖ ਕੇ ਵੀ ਕੰਮ ਕਰਨ ਦੀ ਲੋੜ ਹੈ ਕਿ ਜਿਸ ਕਿਸਮ ਦੀਆਂ ਪਿਰਤਾਂ ਉਹ ਪਾਉਣਗੇ, ਉਹ ਲੰਮੇ ਸਮੇਂ ਤਕ ਚੱਲਣਗੀਆਂ।
ਚੇਅਰਮੈਨ ਜਗਦੀਪ ਸਿੰਘ ਚੱਠਾ ਵੱਲੋਂ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਹਨਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤਿਆਂ ਵੱਲੋਂ ਸ਼ਿਰਕਤ ਕੀਤੀ ਗਈ।
2 | 8 | 5 | 0 | 6 | 5 | 7 | 3 |