ਡੀ.ਆਈ.ਜੀ. ਭੁੱਲਰ ਨੇ ਮੋਹਾਲੀ ਦੇ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ
ਹਰਜਿੰਦਰ ਸਿੰਘ ਭੱਟੀ
- ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਸੁਰੱਖਿਅਤ ਵਾਤਾਵਰਣ ਦਾ ਭਰੋਸਾ ਦਿੱਤਾ
- ਗੁੰਮਰਾਹਕੁੰਨ ਪ੍ਰਚਾਰ/ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ
ਐਸ.ਏ.ਐਸ. ਨਗਰ, 25 ਅਪ੍ਰੈਲ 2025 - ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਮੋਹਾਲੀ ਸਮੇਤ ਰੂਪਨਗਰ ਰੇਂਜ ਵਿੱਚ ਸਥਿਤ ਵੱਖ-ਵੱਖ ਵਿਦਿਅਕ ਅਦਾਰਿਆਂ ਦਾ ਦੌਰਾ ਕੀਤਾ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇੱਥੇ ਪੜ੍ਹ ਰਹੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ।
ਦੌਰੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਸ੍ਰੀ ਭੁੱਲਰ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਦਾ ਜਵਾਬ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇੱਥੇ ਪੜ੍ਹ ਰਹੇ ਵਿਦਿਆਰਥੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਇੱਥੇ ਆਪਣੇ ਭਵਿੱਖ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਚੰਡੀਗੜ੍ਹ ਯੂਨੀਵਰਸਟੀ ਘੜੂੰਆਂ ਅਤੇ ਸੀ ਜੀ ਸੀ ਲਾਂਡਰਾ ਦੀ ਫੈਕਲਟੀ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਕਰਦੇ ਹੋਏ, ਡੀ ਆਈ ਜੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਦੂਜੇ ਰਾਜ ਦੇ ਵਿਦਿਆਰਥੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਸੰਸਥਾਵਾਂ ਵਿੱਚ ਸ਼ਾਂਤੀਪੂਰਨ ਮਾਹੌਲ ਹੈ ਅਤੇ ਸਾਰੇ ਵਿਦਿਆਰਥੀਆਂ ਵਿਚਕਾਰ ਬਹੁਤ ਵਧੀਆ ਤਾਲਮੇਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਫੈਲ ਰਹੇ ਝੂਠੇ ਪ੍ਰਚਾਰ ਤੋਂ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਮਿਲਦੀ ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਕਿਹਾ। ਇਸੇ ਤਰ੍ਹਾਂ, ਉਨ੍ਹਾਂ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਮਾਜ ਵਿੱਚ ਨਫ਼ਰਤੀ/ਗੁੰਮਰਾਹਕੁੰਨ ਪ੍ਰਚਾਰ ਫੈਲਾਉਣ ਤੇ ਸਖ਼ਤ ਕਾਰਵਾਈ ਚੇਤਾਵਨੀ ਦਿੱਤੀ।
ਉਨ੍ਹਾਂ ਕਿਹਾ ਕਿ ਰੂਪਨਗਰ ਰੇਂਜ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਸਾਰੀਆਂ ਧਿਰਾਂ ਵਿੱਚ ਭਾਈਚਾਰਾ ਯਕੀਨੀ ਬਣਾਉਣ ਲਈ ਆਪਣੇ ਖੇਤਰਾਂ ਵਿੱਚ ਪੈਂਦੇ ਅਦਾਰਿਆਂ ਦਾ ਦੌਰਾ ਕੀਤਾ ਹੈ।
ਉਨ੍ਹਾਂ ਦੇ ਨਾਲ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ ਅਤੇ ਡੀ ਐਸ ਪੀ ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਸਨ।