ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਕਰਵਾਈ ਵਾਕਾਥਨ
ਸਕੂਲਾਂ, ਕਾਲਜਾਂ ਦੇ 10000 ਦੇ ਕਰੀਬ ਵਿਦਿਆਰਥੀਆਂ ਨੇ ਵਾਕਾਥਨ ਵਿੱਚ ਭਾਗ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ
ਰੋਹਿਤ ਗੁਪਤਾ
ਗੁਰਦਾਸਪੁਰ, 26 ਅਪ੍ਰੈਲ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਆਮ ਜਨਤਾ ਦਾ ਸਹਿਯੋਗ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰਦਾਸਪੁਰ ਵਿਖੇ ਵਾਕਥਨ ਕਰਵਾਈ ਗਈ। ਅੱਜ ਸਵੇਰੇ 9:00 ਵਜੇ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਸ਼ੁਰੂ ਹੋਈ ਇਸ ਵਾਕਥਨ (ਪੈਦਲ ਮਾਰਚ) ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਕੀਤੀ ਗਈ, ਜਦਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਅਤੇ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਆਪਣੇ ਸਾਥੀਆਂ ਨਾਲ ਇਸ ਵਾਕਾਥਨ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਵਾਕਾਥਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿਚੋਂ 10000 ਦੇ ਕਰੀਬ ਵਿਦਿਆਰਥੀਆਂ ਤੋਂ ਇਲਾਵਾ ਖਿਡਾਰੀਆਂ, ਲੇਖਕਾਂ, ਪੱਤਰਕਾਰਾਂ ਅਤੇ ਸਮਾਜ ਦੇ ਹਰੇਕ ਵਰਗ ਨਾਲ ਸਬੰਧਿਤ ਵਿਅਕਤੀਆਂ ਨੇ ਭਾਗ ਲਿਆ।
ਇਹ ਵਾਕਥਨ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਪੰਚਾਇਤ ਭਵਨ, ਜਹਾਜ਼ ਚੌਂਕ, ਹਨੂੰਮਾਨ ਚੌਂਕ, ਗੀਤਾ ਭਵਨ ਰੋਡ ਰਾਹੀਂ ਹੁੰਦੀ ਹੋਈ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਮਾਪਤ ਹੋਈ। ਇਸ ਵਾਕਥਨ ਦੌਰਾਨ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦੇਣ ਦੇ ਨਾਲ ਨਸ਼ਿਆਂ ਖ਼ਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਉਹ ਸਾਰੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦੇ ਨਾਲ ਹਨ।
ਵਾਕਾਥਨ ਦੀ ਸ਼ੁਰੂਆਤ ਤੋਂ ਪਹਿਲਾਂ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਵਿਖੇ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਭਾਰਤੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਮੁਕਤ ਮੁਹਿੰਮ ਵਿੱਚ ਆਪਣਾ ਸਾਥ ਦੇਣ ਦੀ ਸਹੁੰ ਚੁਕਾਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਆਪਣੇ ਜ਼ਿਲ੍ਹੇ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਵਾਕਾਥਨ ਨਾਲ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਛੱਡ ਰਹੇ ਹਨ ਉਨ੍ਹਾਂ ਦੇ ਪੁਨਰਵਾਸ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਨੂੰ ਚੁਣਨ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਯ ਨੇ ਕਿਹਾ ਕਿ ਰਾਜ ਸਰਕਾਰ ਦੀ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਕੇ ਇਸ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਸਾਥ ਦੇਣ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਮਾਨ ਸਰਕਾਰ ਦੇ ਨਾਲ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਨਸ਼ਾ ਤਸਕਰ ਜਾਂ ਤਾਂ ਜੇਲ੍ਹ ਜਾ ਰਹੇ ਹਨ ਜਾਂ ਉਹ ਪੰਜਾਬ ਛੱਡ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਕੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵੀ ਰਾਜ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਾਡੀਆਂ ਨਸਲਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਹੈ ਅਤੇ ਹਰ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਇਹ ਲੜਾਈ ਆਪਣੀ ਲੜਾਈ ਸਮਝ ਕੇ ਲੜਨੀ ਚਾਹੀਦੀ ਹੈ। ਇਸ ਦੌਰਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਨੇ ਵੀ ਨਸ਼ਾ ਮੁਕਤੀ ਮੁਹਿੰਮ ਦੇ ਨਾਲ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਵਾਕਥਨ ਦੀ ਸਮਾਪਤੀ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਜਿਮਨਾਸਟਿਕ ਦੇ ਖਿਡਾਰੀਆਂ ਵੱਲੋਂ ਆਪਣੀ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲੈਂਦਿਆਂ ਇਹ ਵਾਕਾਥਨ ਸਮਾਪਤ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਪੀ. ਜੁਗਰਾਜ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਮੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ. ਸਿਮਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ) ਪਰਮਜੀਤ, ਡਾ. ਅਨਿਲ ਸ਼ਰਮਾ, ਸੁਪਰਡੈਂਟ ਵਿਜੇ ਕੁਮਾਰ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਪ੍ਰਿੰਸੀਪਲ ਸਵਰਨ ਸਿੰਘ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।