ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 7000 ਕਰੋੜ ਰੁਪਏ ਨੱਪਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਦੀਆਂ ਸੜਕਾਂ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ - ਗੁਰਮੀਤ ਸਿੰਘ ਖੁੱਡੀਆਂ
-ਖੇਤੀਬਾੜੀ ਮੰਤਰੀ ਦਾ ਐਲਾਨ, ਪਾਤੜਾਂ ਨੂੰ ਜਲਦ ਮਿਲੇਗਾ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ, ਤਿਆਰੀਆਂ ਮੁਕੰਮਲ
-ਮਹਿੰਗਾ ਸਿੰਘ ਬਰਾੜ ਨੇ ਖੇਤੀਬਾੜੀ ਮੰਤਰੀ ਖੁੱਡੀਆਂ, ਵਿਧਾਇਕ ਬਾਜੀਗਰ, ਜੌੜਾਮਾਜਰਾ, ਕੋਹਲੀ, ਚੇਅਰਮੈਨ ਬਰਸਟ ਤੇ ਹੋਰਨਾਂ ਦੀ ਮੌਜੂਦਗੀ ‘ਚ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ
-ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਹਮੇਸ਼ਾ ਮਾਣ ਸਤਿਕਾਰ ਦਿੱਤਾ-ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ
ਪਾਤੜਾਂ, 26 ਅਪ੍ਰੈਲ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਦੀ ਮੌਜੂਦਗੀ ‘ਚ ਅੱਜ ਇੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।
ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਤੜਾਂ ਇਲਾਕੇ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਬਹੁਤ ਜਲਦ ਇਲਾਕਾ ਨਿਵਾਸੀਆਂ ਨੂੰ ਮਾਡਲ ਅਨਾਜ ਮੰਡੀ ਮਿਲੇਗੀ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀ ਇਹ ਮੰਗ ਬਹੁਤ ਜੋਰਦਾਰ ਢੰਗ ਨਾਲ ਉਠਾਈ ਹੈ, ਜਿਸ ਨੂੰ ਮੰਨ ਲਿਆ ਗਿਆ ਹੈ ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪਿਛਲੇ ਨੁਮਾਇੰਦਿਆਂ ਤੇ ਸਰਕਾਰਾਂ ਨੇ ਇਸ ਇਲਾਕੇ ਦੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 7000 ਕਰੋੜ ਰੁਪਏ ਦਿਹਾਤੀ ਵਿਕਾਸ ਫੰਡ ਨੂੰ ਗ਼ੈਰਕਾਨੂੰਨੀ ਤੌਰ ‘ਤੇ ਨੱਪਿਆ ਹੋਇਆ ਹੈ ਜਿਸ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਦਿਹਾਤੀ ਖੇਤਰਾਂ ਦੀਆਂ ਸੜਕਾਂ ਦੇ ਨਿਰਮਾਣ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਬਣੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਸਲਾਹ ਦਿੱਤੀ ਕਿ ਉਹ ਜੇਕਰ ਪਰਮਾਤਮਾ ਦਾ ਓਟ ਆਸਰਾ ਲੈ ਕੇ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤਾਂ ਤਰੱਕੀ ਉਨ੍ਹਾਂ ਦੇ ਕਦਮ ਛੂਹੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਆਗੂਆਂ ਤੇ ਵਰਕਰਾਂ ਨੂੰ ਹੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਇਹ ਜਿੰਮੇਵਾਰੀ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਸਬੰਧਤ ਧਿਰਾਂ ਨਾਲ ਜੁੜੀ ਹੋਈ ਅਹਿਮ ਜਿੰਮੇਵਾਰੀ ਹੈ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਹੈ।
ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਖੁਡੀਆਂ, ਵਿਧਾਇਕ ਕੁਲਵੰਤ ਸਿੰਘ ਸਮੇਤ ਹੋਰਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ, ਮਾਰਕੀਟ ਕਮੇਟੀ ਸਮਾਣਾ, ਨਾਭਾ, ਘਨੌਰ, ਲਹਿਰਾਗਾਗਾ ਦੇ ਚੇਅਰਮੈਨ ਕ੍ਰਮਵਾਰ ਬਲਕਾਰ ਸਿੰਘ ਗੱਜੂਮਾਜਰਾ, ਗੁਰਦੀਪ ਸਿੰਘ, ਜਰਨੈਲ ਮੰਨੂ, ਡਾ ਅਸ਼ੀਸ਼ਪਾਲ ਅਨੰਦ ਸਮੇਤ ਵੱਡੀ ਗਿਣਤੀ ਵਿੱਚ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।