ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਫੋਕਲ ਪੁਆਇੰਟ ਦੀ ਡਾਇੰਗ ਫੈਕਟਰੀ 'ਚ ਵਾਪਰੀ ਘਟਨਾ ਦਾ ਜਾਇਜ਼ਾ
ਬੁਆਇਲਰ ਫਟਣ ਨਾਲ ਲੱਗੀ ਸੀ ਅੱਗ
ਸੁਖਮਿੰਦਰ ਭੰਗੂ
ਲੁਧਿਆਣਾ, 26 ਅਪ੍ਰੈਲ 2025
ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫੋਕਲ ਪੁਆਇੰਟ, ਫੇਸ-8 ਦਾ ਦੌਰਾ ਕਰਦਿਆਂ ਡਾਇੰਗ ਫੈਕਟਰੀ ਦਾ ਜਾਇਜ਼ਾ ਲਿਆ ਜਿੱਥੇ ਬੁਆਇਲਰ ਫੱਟਣ ਨਾਲ ਅੱਗ ਲੱਗੀ ਸੀ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇੱਕ ਨਿੱਜੀ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ 'ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ ਜਿੱਥੇ ਫਾਇਰ ਬ੍ਰਿਗੇਡ ਵੱਲੋਂ ਸਥਾਨਕ ਲੋਕਾਂ, ਫੈਕਟਰੀ ਕਿਰਤੀਆਂ ਦੀ ਮੱਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਲੇ ਦੀ ਮੁਸਤੈਦੀ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਅਤੇ ਸਥਿਤੀ ਬਿਲਕੁਨ ਕਾਬੂ ਹੇਠ ਹੈ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਸਵਾਰਥੀ ਹਿੱਤਾਂ ਲਈ ਕਿਸੇ ਦੀ ਜਾਨ ਨੂੰ ਜੋਖਮ ਵਿਚ ਨਾ ਪਾਉਣ ਅਤੇ ਸੁਰੱਖਿਆ ਦੇ ਸਾਰੇ ਮਾਪਦੰਡਾਂ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਉਦਯੋਗਪਤੀਆਂ ਵੱਲੋਂ ਪੰਜਾਬ ਸੂਬੇ ਵਿੱਚ ਕਰੋੜਾਂ ਰੁਪਏ ਨਿਵੇਸ਼ ਕੀਤੇ ਜਾ ਰਹੇ ਹਨ।