ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
• ਕੈਬਨਿਟ ਮੰਤਰੀ ਵੱਲੋਂ ‘ਪੰਜਾਬ ਸਿੱਖਿਆ ਕ੍ਰਾਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ
• ਕਿਹਾ, ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹੈ
• ਸਕੂਲ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ
ਜਲੰਧਰ, 27 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹ ਸਕਣ।
ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਅੱਜ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸਾਇੰਸ ਲੈਬਜ਼, ਆਧੁਨਿਕ ਕਲਾਸ ਰੂਮ, ਖੇਡ ਦੇ ਮੈਦਾਨ, ਸ਼ਾਨਦਾਰ ਕਮਰੇ ਤੇ ਫਰਨੀਚਰ ਆਦਿ ਸਹੂਲਤਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਹੀ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵੱਕਾਰੀ ਸੰਸਥਾਵਾਂ ਤੋਂ ਸਿਖਲਾਈ ਦਿਵਾਉਣਾ, ਸਰਕਾਰੀ ਸਕੂਲਾਂ ਵਿੱਚ ਬੱਸ ਸੇਵਾ, ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਸਮੇਤ ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਪਹਿਲਕਦਮੀਆਂ ਕੀਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਨੂੰ ਤਵਜੋਂ ਦਿੰਦਿਆਂ ਜਿਥੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿੱਤੀ ਸਾਲ 2025-26 ਦੌਰਾਨ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ, ਉਥੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਖੇਡ ਖੇਤਰ ਲਈ 979 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਕੇ ਨਸ਼ਿਆਂ ਤੋਂ ਬਚਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਲਾਮਿਸਾਲ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਅੱਜ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਸਕੂਲ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਸਕੂਲ ਨੂੰ ਕੋਈ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਉਸ ਨੂੰ ਪੂਰਾ ਕੀਤਾ ਜਾਵੇਗਾ।
ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਅਲਾਮਤ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ-ਸਫਾਈ ਰੱਖਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲ ਦੀ ਪ੍ਰਿੰਸੀਪਲ ਸੋਨੀਆ ਧਵਨ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕਰਨ ਤੋਂ ਇਲਾਵਾ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਹੋਰਨਾਂ ਵੱਲੋਂ ਕੈਬਨਿਟ ਮੰਤਰੀ ਦਾ ਸਕੂਲ ਵਿੱਚ ਪਹੁੰਚਣ ’ਤੇ ਸਵਾਗਤ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਪੰਜਾਬ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸੰਜੀਵ ਭਗਤ, ਆਪ ਆਗੂ ਗੁਰਨਾਮ ਸਿੰਘ, ਬਲਾਕ ਨੋਡਲ ਅਫ਼ਸਰ ਸੁਨੀਤਾ ਸਹੋਤਾ, ਲੈਕਚਰਾਰ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ, ਨੀਰਜਾ, ਸਰੋਜ ਬਾਲਾ, ਅੰਜੂ, ਸੁਧਾ, ਪੁਸ਼ਪਾ, ਚਰਨਜੀਤ, ਪੂਜਾ ਕੌੜਾ ਅਤੇ ਪਰਮਜੀਤ ਕੌਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।