ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਚਾਇਤਾਂ ਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੀ 70 ਲੱਖ ਦੀ ਗ੍ਰਾਂਟ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਕਰ ਰਹੀ ਹੈ ਪੂਰਾ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਦਲਜੀਤ ਕੌਰ
ਦਿੜ੍ਹਬਾ/ਸੰਗਰੂਰ, 27 ਅਪ੍ਰੈਲ, 2025: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਰਬਸੰਮਤੀ ਕਰਨ ਵਾਲੀਆਂ ਪੰਚਾਇਤਾਂ, ਯੁਵਕ ਕਲੱਬਾਂ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਤਕਰੀਬਨ 70 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਮਾਜ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਹਰ ਕੰਮ ਲਈ ਜ਼ਰੂਰੀ ਫੰਡ ਉਪਲਬਧ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ।
ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਮੁੱਖ ਮੰਤਰੀ ਦੀ ਅਪੀਲ ‘ਤੇ ਜਿਨ੍ਹਾਂ ਪਿੰਡਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਹਨ, ਉਹਨਾਂ ਸਾਰੀਆਂ ਪੰਚਾਇਤਾਂ ਨੂੰ ਵਾਅਦੇ ਮੁਤਾਬਕ ਪੰਜ ਲੱਖ ਰੁਪਏ ਦੇ ਵਿਸ਼ੇਸ਼ ਗ੍ਰਾਂਟ ਦੇਣੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਗ੍ਰਾਂਟ ਤੋਂ ਇਲਾਵਾ ਵੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਾਤਾਰ ਲੋੜ ਮੁਤਾਬਿਕ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਵਿੱਚ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋੰ ਨਿਹਾਲਗੜ੍ਹ ਤੇ ਰਤਨਗੜ੍ਹ ਸਿੰਧੜਾ ਦੀਆਂ ਪੰਚਾਇਤਾਂ ਨੂੰ ਸਰਬਸੰਮਤੀ ਲਈ, ਮੁਨਸ਼ੀਵਾਲਾ, ਮੌੜਾਂ, ਮਹਿਲਾਂ, ਗੁੱਜਰਾਂ, ਸਮੂਰਾਂ, ਖੇਤਲਾ ਤੇ ਸਫੀਪੁਰ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਤੋਂ ਇਲਾਵਾ ਪਿੰਡ ਘਨੌੜ ਜੱਟਾਂ ਦੇ ਦੋ ਵੱਖ-ਵੱਖ ਯੁਵਕ ਕਲੱਬਾਂ ਅਤੇ ਸ਼੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਨੂੰ ਲੋੜੀਂਦੇ ਸਮਾਜ ਭਲਾਈ ਕੰਮਾਂ ਲਈ ਚੈੱਕ ਵੰਡੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।