ਬਠਿੰਡਾ ਸ਼ਹਿਰ ਵਿੱਚ ਦੋ ਵੱਖ-ਵੱਖ ਸਰਕਾਰੀ ਸਕੂਲਾਂ ਵਿਚਲੇ ਵਿਕਾਸ ਕਾਰਜਾਂ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 28 ਅਪ੍ਰੈਲ 2025 : ਵਿੱਦਿਆ ਮਨੁੱਖ ਦਾ ਅਜਿਹਾ ਗਹਿਣਾ ਹੈ ਜਿਸ ਦਾ ਗੁਆਚਨ ਦਾ ਡਰ ਨਹੀਂ ਹੁੰਦਾ ਸਗੋਂ ਜਿਸ ਨੂੰ ਵੰਡਣ ‘ਤੇ ਇਨਸਾਨ ਦੇ ਹੁਨਰ ਵਿੱਚ ਹੋਰ ਵਧੇਰੇ ਨਿਖਾਰ ਆਉਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਸਥਾਨਕ ਸਰਕਾਰੀ ਹਾਈ ਸਕੂਲ ਚੰਦਸਰ ਬਸਤੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਵਿਖੇ ਸਕੂਲ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਲਈ ਵਿਦਿਅਕ ਸਹੂਲਤਾਂ ਦਾ ਪੱਧਰ ਉੱਚਾ ਚੁੱਕਣਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਆਪਣੇ ਸਾਲਾਨਾ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਪ੍ਰਤੱਖ ਸੁਧਾਰਾਂ ਲਈ ਸਮਰਪਿਤ ਕੀਤਾ ਹੈ।
ਇਸ ਮੌਕੇ ਸ ਜਗਰੂਪ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਕੂਲਾਂ ਵਿੱਚ ਅੱਪਗ੍ਰੇਡ ਕੀਤੇ ਗਏ, ਅਤਿ-ਆਧੁਨਿਕ ਬੁਨਿਆਦੀ ਢਾਂਚੇ 'ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਿਥੇ ਨਾ ਕੇਵਲ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਦੇ ਰਹੀ ਹੈ ਸਗੋਂ ਵਿਕਾਸ ਲਈ ਵੀ ਲਗਾਤਾਰ ਫੰਡ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਹੀ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।