ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਕਰਵਾਇਆ ਜਾ ਰਿਹੈ ਮੁਹੱਈਆ : ਪ੍ਰੋ. ਬਲਜਿੰਦਰ ਕੌਰ
ਅਸ਼ੋਕ ਵਰਮਾ
ਮੱਲਵਾਲਾ (ਬਠਿੰਡਾ), 28 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਅਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮੱਲਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਅੰਦਰ ਸਕੂਲਾਂ ਦੀਆਂ ਇਮਾਰਤਾਂ ਬਹੁਤ ਹੀ ਸ਼ਾਨਦਾਰ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ’ਚ ਸੁਧਾਰ ਲਿਆਉਣ ਲਈ ਅਧਿਆਪਕਾਂ ਨੂੰ ਆਈ.ਆਈ.ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿਖੇ ਭੇਜ ਕੇ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਹੈ।
ਇਸ ਮੌਕੇ ਚੀਫ ਵਿੱਪ ਪ੍ਰੋਫੈਸਰ ਬਲਜਿੰਦਰ ਕੌਰ ਨੇ ਪਿੰਡ ਮੱਲਵਾਲਾ ਤੋਂ ਇਲਾਵਾ ਪੱਕਾ ਖੁਰਦ ਚੱਕ ਹੀਰਾ ਸਿੰਘ ਵਾਲਾ ਅਤੇ ਜੋਧਪੁਰ ਬੱਗਾ ਸਿੰਘ (ਫੱਲੜ) ਵਿਖੇ ਸਕੂਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਸਕੂਲਾਂ ਦੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ ।