ਗੁਰੂ ਨਾਨਕ ਦੇਵ ਸਕੂਲ 'ਚ ਨਵੇਂ ਸੈਸ਼ਨ 'ਤੇ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਧਾਰਮਿਕ ਸਮਾਗਮ ਕਰਵਾਇਆ
ਮਲਕੀਤ ਸਿੰਘ ਮਲਕਪੁਰ
ਲਾਲੜੂ 28 ਅਪ੍ਰੈਲ 2025: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਅਤੇ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਅਤੇ ਐਮਡੀ ਅਮਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਮੁੱਖ ਟੀਚਾ ਇਸ ਦਿਹਾਤੀ ਖੇਤਰ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਕਰਨਾ ਹੈ।
ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸੰਗੀਤ ਦੀ ਵਿੱਦਿਆ ਵੀ ਦਿੱਤੀ ਜਾ ਰਹੀ ਹੈ, ਜੋ ਬਿਲਕੁਲ ਮੁਫਤ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਕੀਤਾ ਹੈ, ਉਹ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਹੀ ਹਨ। ਉਨ੍ਹਾਂ ਸਕੂਲ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਕਾਰਨ ਜਿੱਥੇ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਹਰ ਸਾਲ ਸ਼ਾਨਦਾਰ ਆਉਂਦੇ ਹਨ, ਉੱਥੇ ਹੀ ਵਿਦਿਆਰਥੀਆਂ ਵੱਲੋਂ ਖੇਡਾਂ ਦੇ ਖੇਤਰ ਵਿਚ ਕੌਮੀ ਪੱਧਰ ‘ਤੇ ਗੋਲਡ ਮੈਡਲ ਪ੍ਰਾਪਤ ਕਰਨਾ ਇਲਾਕੇ ਅਤੇ ਸਕੂਲ ਲਈ ਮਾਣ ਵਾਲੀ ਗੱਲ ਹੈ ਉਨ੍ਹਾਂ ਦੱਸਿਆ ਕਿ ਵਿਦਿਆਰਥੀ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਹਿੱਸਾ ਲੈ ਕੇ ਬੁਲੰਦੀਆਂ ਛੂਹ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।