ਬਟਾਲਾ: ਚੇਅਰਮੈਨ ਮਾਨਿਕ ਮਹਿਤਾ ਨੇ ਵਡਾਲਾ ਗ੍ਰੰਥੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਬਟਾਲਾ, 28 ਅਪ੍ਰੈਲ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਦਾਣਾ ਮੰਡੀ ਵਡਾਲਾ ਗ੍ਰੰਥੀਆਂ ਦਾ ਦੌਰਾ ਕਰਕੇ ਖਰੀਦ ਤੇ ਚੁਕਾਈ ਪ੍ਰਬੰਧਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲ ਕਰਕੇ ਖਰੀਦ ਪ੍ਰਬੰਧਾਂ ਦਾ ਜਾਣਕਾਰੀ ਹਾਸਿਲ ਕੀਤੀ।
ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ।
ਉਨਾ ਕਿਹਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨਾਂ ਕਿਹਾ ਕਿ ਕਣਕਾਂ ਦੀ ਕਟਾਈ ਕੰਬਾਇਨਾਂ ਰਾਹੀਂ ਨਿਰਧਾਰਿਤ ਸਮੇਂ ਅੰਦਰ ਹੀ ਕਰਵਾਈ ਜਾਵੇ ਅਤੇ ਰਾਤ ਸਮੇਂ ਕਣਕ ਦੀ ਕਟਵਾਈ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਤੇ ਨਮੀ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 27 ਅਪ੍ਰੈਲ ਤੱਕ 3 ਲੱਖ 88 ਹਜ਼ਾਰ 29 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ ਪਨਗ੍ਰੇਨ ਵਲੋਂ 11 ਲੱਖ 4 ਹਜ਼ਾਰ 400 ਮੀਟਰਕ ਟਨ, ਮਾਰਕਫੈੱਡ ਨੇ 10 ਲੱਖ 7 ਹਜ਼ਾਰ 425 ਮੀਟਰਕ ਟਨ, ਪਨਸਪ ਨੇ 91 ਹਜ਼ਾਰ 415 ਮੀਟਰਕ ਟਨ, ਪੰਜਾਬ ਵੇਅਰ ਹਾਊਸ ਨੇ 55 ਹਜ਼ਾਰ 869 ਮੀਟਰਕ ਟਨ, ਐਫ. ਸੀ.ਆਈ ਨੇ 16 ਹਜ਼ਾਰ 560 ਮੀਟਰਕ ਟਨ ਅਤੇ ਵਪਾਰੀਆਂ ਨੇ 2 ਹਜ਼ਾਰ 360 ਮੀਟਰਕ ਟਨ ਦੀ ਖਰੀਦ ਕੀਤੀ ਹੈ। ਕਿਸਾਨਾਂ ਨੂੰ 871.52 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 6.68 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ