ਹੱਥੋ - ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੁਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ
- ਸੂਬਾ ਸਰਕਾਰ ਕਿਸਾਨਾਂ ਦੇ ਫਸਲ ਦਾ ਦਾਣਾ ਦਾਣਾ ਖਰੀਦੇਗੀ
-ਫੂਡ ਸਪਲਾਈ ਮੰਤਰੀ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ 29 ਅਪ੍ਰੈਲ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਹੱਥੋਂ ਹੱਥ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 20500 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਗੱਲ ਪੰਜਾਬ ਦੇ ਫੂਡ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਦੇ ਦੌਰੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਫੂਡ ਸਪਲਾਈ ਮੰਤਰੀ ਨੇ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਮੰਡੀ ਦਾ ਦੌਰਾ ਕਰਦਿਆਂ ਇੱਥੇ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ, ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਜਾਣੀਆਂ ਅਤੇ ਇਸ ਤੋਂ ਬਿਨਾਂ ਉਹਨਾਂ ਨੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ । ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਣਕ ਵੇਚਣ ਵਿੱਚ ਕਿਸੇ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਕਿਹਾ ਕਿ ਜਿਵੇਂ ਹੀ ਕਿਸਾਨ ਮੰਡੀ ਵਿੱਚ ਫਸਲ ਲੈ ਕੇ ਪਹੁੰਚਦਾ ਹੈ ਉਸ ਦੀ ਫਸਲ ਉਸੇ ਦਿਨ ਵਿਕੇ ਇਸ ਸਬੰਧੀ ਸਾਰੀਆਂ ਏਜੰਸੀਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਗਈ ਹੈ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਭਾਵੇਂ ਅਦਾਇਗੀ ਕਰਨ ਲਈ 48 ਘੰਟੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ 24 ਘੰਟੇ ਦੇ ਅੰਦਰ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ। ਉਹਨਾਂ ਨੇ ਦੱਸਿਆ ਕਿ ਰਾਜ ਭਰ ਵਿੱਚ ਹੁਣ ਤੱਕ 107 ਲੱਖ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਇਸ ਵਾਰ 124 ਲੱਖ ਟਨ ਦਾ ਟੀਚਾ ਕੇਂਦਰੀ ਪੂਲ ਲਈ ਕਣਕ ਖਰੀਦਣ ਦਾ ਮਿਥਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੇ ਦੱਸਿਆ ਹੈ ਕਿ ਇਸ ਵਾਰ ਬੰਪਰ ਝਾੜ ਹੈ ਅਤੇ ਚੰਗੀ ਫਸਲ ਹੋਣ ਕਾਰਨ ਇਹ ਟੀਚਾ ਸਹਿਜੇ ਹੀ ਪ੍ਰਾਪਤ ਹੋ ਜਾਣ ਦੀ ਆਸ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਜੇਕਰ ਲਿਫਟਿੰਗ ਦੇ ਕੰਮ ਵਿੱਚ ਕਿਸੇ ਨੇ ਕੁਤਾਹੀ ਕੀਤੀ ਤਾਂ ਸਖਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 5.79 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਬੀਤੇ ਇਕ ਦਿਨ ਵਿਚ 21387 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ,ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਅਜੈਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ, ਸ.ਮਨਜਿੰਦਰ ਸਿੰਘ ਉੜਾਂਗ,ਸ੍ਰੀ ਇਕਬਾਲ ਸਿੰਘ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਅਮ੍ਰਿਤਪਾਲ ਸਿੰਘ ਬਰਾੜ ਡੀਐਫਓ ਵੀ ਹਾਜਰ ਸਨ।