ਪੰਜਾਬ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਕਟਾਰੂਚੱਕ
ਅਸ਼ੋਕ ਵਰਮਾ
ਬਠਿੰਡਾ, 29 ਅਪ੍ਰੈਲ 2025: ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ। ਜਿਸ ਵਿਚੋਂ 103 ਲੱਖ ਮੀਟ੍ਰਿਕ ਟਨ ਫਸਲ ਵੱਖ-ਵੱਖ ਏਜੰਸੀਆਂ ਖਰੀਦ ਚੁੱਕੀਆਂ ਹਨ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 20,500 ਕਰੋੜ ਰੁਪਏ ਦਾ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੁਕਮ ਹੈ ਕਿ ਮੰਡੀ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।
ਇਸ ਗੱਲ 'ਤੇ ਪਹਿਰਾ ਦੇਣ ਦੇ ਲਈ ਪ੍ਰਸ਼ਾਸ਼ਨ ਅਤੇ ਮੰਡੀਆਂ ਦੇ ਚੇਅਰਮੈਨ ਆਦਿ ਮੰਡੀਆਂ ਵਿਖੇ ਸਮੇਂ-ਸਮੇਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀ ਵਿੱਚ ਕਣਕ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਇਆ ਅਤੇ ਆਪਣੀ ਫ਼ਸਲ ਵੇਚਣ ਵਿੱਚ ਵੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ ਅਤੇ ਫ਼ਸਲ ਦੀ ਚੁਕਾਈ ਅਤੇ ਅਦਾਇਗੀ ਵੀ ਸਮੇਂ-ਸਿਰ ਹੋ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਅੰਡਰ ਟ੍ਰੇਨਿੰਗ ਆਈ.ਏ.ਐਸ ਮੈਡਮ ਹਰਸ਼ਿਤਾ ਸ਼ਰਮਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਨਵਦੀਪ ਜੀਦਾ, ਜ਼ਿਲ੍ਹਾ ਯੋਜ਼ਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ, ਕੌਸ਼ਲਰ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜ਼ਰ ਸਨ।