ਸਰਹੱਦੀ ਇਲਾਕਿਆਂ ਤੱਕ ਪਹੁੰਚ ਰਹੀ ਹੈ ਸਿੱਖਿਆ ਕ੍ਰਾਂਤੀ: MLA ਸਵਨਾ
ਫਾਜ਼ਿਲਕਾ: MLA ਸਵਨਾ ਨੇ 4 ਸਕੂਲਾਂ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫਾਜ਼ਿਲਕਾ 30 ਅਪ੍ਰੈਲ 2025- ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਆਪਣੇ ਹਲਕੇ ਦੇ 4 ਸਕੂਲਾਂ ਵਿੱਚ 85.41 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਹੋਏ ਹਨ। ਉਹਨਾਂ ਨੇ ਕਿਹਾ ਕਿ ਸਰਹੱਦੀ ਖੇਤਰਾਂ ਤੱਕ ਸਿੱਖਿਆ ਕ੍ਰਾਂਤੀ ਦੀ ਲੋਅ ਪਹੁੰਚ ਰਹੀ ਹੈ ਅਤੇ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਸ੍ਰੀ ਸਵਨਾ ਨੇ ਕਿਹਾ ਕਿ ਅੱਜ ਸਾਡੇ ਅਧਿਆਪਕ ਵਿਦੇਸ਼ਾਂ ਤੋਂ ਸਿਖਲਾਈ ਲੈ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਜਰੂਰਤਾਂ ਤੇ ਵਿਸ਼ੇਸ਼ ਤਵੱਜੋ ਦੇ ਰਹੀ ਹੈ ਕਿਉਂਕਿ ਆਮ ਆਦਮੀ ਦੇ ਹਿੱਤ ਇਹਨਾਂ ਦੋ ਵਿਸ਼ਿਆਂ ਨਾਲ ਸਭ ਤੋਂ ਵੱਧ ਜੁੜੇ ਹੁੰਦੇ ਹਨ।
ਇਸ ਮੌਕੇ ਉਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਤ ਕੀਤਾ।
ਇਸ ਮੌਕੇ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁਲਤਾਨਪੁਰਾ ਵਿੱਚ 10.66 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਬਿਨਾਂ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੀਟੀ ਫਾਜ਼ਿਲਕਾ ਵਿੱਚ 22.01 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਵਿੱਚ 15.30 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਾਧਾ ਵਿੱਚ 37.44 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਉਨਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਸ੍ਰੀ ਸੁਰਿੰਦਰ ਕੰਬੋਜ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਉਨਾਂ ਨੇ ਵੀ ਆਪਣੇ ਸੰਬੋਧਨ ਵਿੱਚ ਇਸ ਮੌਕੇ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਜਾਣਕਾਰੀ ਪਿੰਡਾਂ ਦੇ ਲੋਕਾਂ ਨਾਲ ਸਾਂਝੀ ਕੀਤੀ । ਇਸ ਮੌਕੇ ਪਿੰਡਾਂ ਦੇ ਲੋਕ ਇਹਨਾਂ ਸਮਾਗਮਾਂ ਵਿੱਚ ਉਤਸਾਹ ਨਾਲ ਸ਼ਾਮਿਲ ਹੋਏ ਅਤੇ ਉਨਾਂ ਨੇ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਨਾਲ ਸਕੂਲਾਂ ਦੀ ਬਦਲੀ ਨੁਹਾਰ ਵੇਖੀ।