ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਕੀਤਾ ਤਹੱਈਆ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਬਟਾਲਾ, 30 ਅਪ੍ਰੈਲ 2025- ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ 'ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਰਣਨੀਤੀ ਉਲੀਕਦਿਆਂ 31 ਮਈ ਤੱਕ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲੋਕ ਹਿੱਤ ਫੈਸਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜੇਕਰ ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ ਕਰੀਬ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਸਕੂਲਾਂ ਵਿੱਚ ਕਰਵਾਏ ਵੱਖ-ਵੱਖ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।