ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ
- ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਵਿਦੇਸ਼ ਅਧਾਰਤ ਜੀਵਨ ਫੌਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਹੈ: ਡੀਜੀਪੀ ਗੌਰਵ ਯਾਦਵ
- ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋਂ ਸੰਚਾਲਨ ਕਰ ਰਿਹਾ ਹੈ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮਦਦ ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭਰਤੀ ਕੀਤਾ ਗਿਆ ਸੀ ਅਤੇ ਕੱਟੜਪੰਥੀ ਬਣਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਸਨ ਅਤੇ ਅਜਨਾਲਾ ਸੈਕਟਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰਨੇਡਾਂ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਦੋਸ਼ੀ ਅਜੈ ਕੁਮਾਰ ਨੇ ਪੁਲਿਸ ਟੀਮ ਕੋਲੋਂ ਸਰਵਿਸ ਹਥਿਆਰ ਖੋਹ ਕੇ ਅਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।
ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਮਾਹਲ ਪਿੰਡ ਵਿੱਚ ਕਰਿਆਨਾ ਸਟੋਰ ਦੇ ਮਾਲਕ 'ਤੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਐਕਟਿਵਾ ਸਕੂਟਰ ਵੀ ਮੁਹੱਈਆ ਕਰਵਾਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦੀ ਨੈੱਟਵਰਕ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 103 ਮਿਤੀ 30/04/2025 ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 109 ਤਹਿਤ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ।