‘ਯੁੱਧ ਨਸ਼ਿਆਂ ਵਿਰੁੱਧ’- 4 ਮਈ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ: ਸਖਪ੍ਰੀਤ ਸਿੰਘ ਸਿੱਧੂ
· ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਲਿਆ ਤਿਆਰੀਆਂ ਦਾ ਜਾਇਜ਼ਾ
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 4 ਮਈ 2025 ਨੂੰ 'ਵਿਲੇਜ਼ ਡਿਫੈਂਸ ਕਮੇਟੀ - ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਸਿਡਨੀ ਗਾਰਡਨ,ਖੰਨਾ ਰੋਡ ਮਾਲੇਰਕੋਟਲਾ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਰਾਹੀਂ ਜ਼ਿਲ੍ਹੇ ਵਿੱਚ ਬਣਾਈਆਂ 'ਵਿਲੇਜ਼ ਡਿਫੈਂਸ ਕਮੇਟੀ-ਪਿੰਡਾਂ ਦੇ ਪਹਿਰੇਦਾਰ'(ਪਿੰਡ ਸੁਰੱਖਿਆ ਕਮੇਟੀਆਂ),ਵਾਰਡ ਸੁਰੱਖਿਆ ਕਮੇਟੀਆਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਇਨ੍ਹਾਂ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਹੀ ਸਿਖਲਾਈ ਅਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਜ਼ਰੂਰੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਦੀਆਂ ਭੂਮਿਕਾਵਾਂ ਨੂੰ ਸਪੱਸ਼ਟ ਤੌਰ 'ਤੇ ਸਮਝਾਇਆ ਅਤੇ ਨਿਰਦੇਸ਼ ਦਿੱਤੇ ਕਿ ਉਹ ਪ੍ਰੋਗਰਾਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ । ਉਨ੍ਹਾਂ ਕਿਹਾ ਕਿ ਹਰ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣਾ ਹੋਵੇਗਾ ਤਾਂ ਜੋ ਇਸ ਮੁਹਿੰਮ ਦੇ ਅਸਲ ਉਦੇਸ਼, ਭਾਵ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਸਮਾਗਮ ਵਾਲੇ ਸਥਾਨ ਦੀ ਸਾਫ਼ ਸਫਾਈ,ਪੀਣ ਵਾਲੇ ਪਾਣੀ ਦੀ ਵਿਸਵਸਥਾ,ਆਰਜੀ ਪਖਾਨਿਆਂ ਦੀ ਵਿਵਸਥਾ,ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ । ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਵੀ ਕਿਹਾ। ਸਿਹਤ ਵਿਭਾਗ ਨੂੰ ਮੈਡੀਕਲ ਟੀਮ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ।
ਇਸ ਮੌਕੇ ਐਸ.ਪੀ ਗੁਰਸ਼ਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਵੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਤੀਵਿਧੀਆਂ ਵਧਾਉਣ ਲਈ ਕਮੇਟੀ ਮੈਂਬਰਾਂ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਸਮੇਂ ਸਿਰ ਰਿਪੋਰਟ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਸਹਾਇਕ ਕਮਿਸ਼ਨਰ(ਈ) ਰਾਕੇਸ਼ ਪ੍ਰਕਾਸ਼ ਗਰਗ, ਡੀ.ਡੀ.ਪੀ.ਓ ਰਿੰਪੀ ਗਰਗ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਵਿਕਾਸ ਉਪਲ ,ਨਾਇਬ ਤਹਿਸ਼ੀਲਦਾਰ ਚਰਨਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ,ਬੀ.ਡੀ.ਪੀ.ਓ. ਲਖਵਿੰਦਰ ਸਿੰਘ ਕਲੇਰ, ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ, ਐਸ.ਡੀ.ਓ(ਪੀ.ਡਬਲਿਊ.ਡੀ) ਇੰਜ.ਬਲਰਾਜ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।