ਵੱਡੀ ਖ਼ਬਰ: BBMB ਦਾ ਫੈਸਲਾ- ਹਰਿਆਣਾ ਨੂੰ ਮਿਲੇਗਾ 8500 ਕਿਊਸਿਕ ਪਾਣੀ
AAP ਕਰੇਗੀ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ; ਕਿਹਾ- ਪੰਜਾਬ ਦੇ ਹੱਕਾਂ 'ਤੇ ਡਾਕਾ
ਚੰਡੀਗੜ੍ਹ, 1 ਮਈ 2025- ਪਾਣੀਆਂ ਨੂੰ ਲੈ ਕੇ ਪੰਜਾਬ-ਹਰਿਆਣਾ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਬੀਬੀਐਮਬੀ ਦੇ ਇਸ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਨੇ ਇਸ ਫ਼ੈਸਲੇ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਐਲਾਨ ਕੀਤਾ ਕਿ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ, ਅਮਨ ਅਰੋੜਾ ਅਤੇ ਡਾਕਟਰ ਬਲਬੀਰ ਸਿੰਘ ਦਾ ਵੀ ਇਸ ਮੁੱਦੇ ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ 'ਤੇ ਹਮਲਾ ਕਰ ਰਹੀ ਹੈ। ਬੀਬੀਐਮਬੀ ਤੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਪੰਜਾਬ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਰਗਾ ਹੈ। ਭਾਜਪਾ ਦੇ ਅਜਿਹੇ ਫੈਸਲੇ ਪੰਜਾਬੀਆਂ ਦੇ ਮਨੋਬਲ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨਾ ਚਾਹੀਦਾ ਹੈ। ਭਾਜਪਾ ਪੰਜਾਬ ਭਰ ਵਿੱਚ ਪੰਜਾਬ ਵਿਰੋਧੀ ਮਾਹੌਲ ਬਣਾ ਕੇ ਆਪਣੇ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਅਸੀਂ ਪੰਜਾਬ ਦੇ ਪਾਣੀਆਂ ਦੀ ਮਜ਼ਬੂਤੀ ਨਾਲ ਰਾਖੀ ਕਰਾਂਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ। ਪੰਜਾਬ ਭਾਜਪਾ ਆਗੂਆਂ ਨੂੰ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਪੰਜਾਬ ਪਹਿਲਾਂ ਹੀ ਦੁੱਖ ਝੱਲ ਚੁੱਕਾ ਹੈ। ਪੰਜਾਬ ਨੂੰ ਆਪਣੇ ਸਭ ਤੋਂ ਹਨੇਰੇ ਦੌਰ ਵਿੱਚ ਭਾਜਪਾ ਵਾਪਸ ਲੈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਕਿਸੇ ਨਾਲ ਧੱਕਾ ਕਰਦਾ ਹੈ ਅਤੇ ਨਾਲ ਹੀ ਬਰਦਾਸ਼ਤ ਕਰਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਪਾਣੀ ਲਈ ਇੱਕਜੁੱਟ ਹੋਣ ਦੀ ਲੋੜ ਹੈ। ਆਓ ਆਪਾਂ ਇੱਕਜੁੱਟ ਹੋਈਏ ਅਤੇ ਕੇਂਦਰ ਸਰਕਾਰ ਨੂੰ ਦੱਸੀਏ ਕਿ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਆਪਣਾ ਹੱਕ ਵਾਲਾ ਪਾਣੀ ਨਹੀਂ ਖੋਹਣ ਦੇਵਾਂਗੇ।