ਪਟਿਆਲਾ 'ਚ ਵਿਧਾਇਕਾਂ ਤੇ ਵੱਡੀ ਗਿਣਤੀ ਆਪ ਕਾਰਕੁੰਨਾਂ ਨੇ ਭਾਜਪਾ ਆਗੂਆਂ ਕੈਪਟਨ ਤੇ ਪ੍ਰਨੀਤ ਕੌਰ ਦੇ ਘਰ ਮੂਹਰੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
-ਪੰਜਾਬ ਦੇ ਪਾਣੀਆਂ 'ਤੇ ਡਾਕਾ ਨਹੀਂ ਮਾਰਨ ਦੇਵਾਂਗੇ, ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਬੰਦ ਕਰੇ-ਐਮ.ਐਲ.ਏ. ਦੇਵ ਮਾਨ
-ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ, ਸਾਡੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ-ਕੁਲਵੰਤ ਸਿੰਘ ਬਾਜ਼ੀਗਰ
-ਕਿਹਾ, ਕੇਂਦਰ ਦੀ ਵਧੀਕੀ ਬਰਦਾਸ਼ਤ ਨਹੀਂ ਕਰੇਗਾ ਪੰਜਾਬ, ਭਾਜਪਾ ਆਗੂ ਸਾਜ਼ਿਸ਼ੀ ਚੁੱਪ ਤੋੜਨ
-'ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਦਾ ਡੱਟਕੇ ਜਵਾਬ ਦੇਵੇਗਾ ਪੰਜਾਬ'-ਹਡਾਣਾ, ਗੋਗੀਆ
-ਦੂਜੀਆਂ ਪਾਰਟੀਆਂ ਵੀ ਪੰਜਾਬ ਦੇ ਪਾਣੀਆਂ ਦੀ ਆਵਾਜ਼ ਬੁਲੰਦ ਕਰਨ-ਮਹਿਤਾ, ਸ਼ੇਰਮਾਜਰਾ
ਪਟਿਆਲਾ, 1 ਮਈ:
ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਅੱਜ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ।
ਰੋਸ ਪ੍ਰਦਰਸ਼ਨ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ.ਬੀ.ਐਮ.ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ।
ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ 'ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣਬੁੱਝਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ 'ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ। ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ.ਬੀ.ਐਮ.ਬੀ. ਮਿਲਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਸ ਨੂੰ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਮੇਅਰ ਕੁੰਦਨ ਗੋਗੀਆਂ ਨੇ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੀ ਸਾਜ਼ਸ਼ੀ ਚੁੱਪ ਤੋੜਨੀ ਚਾਹੀਦੀ ਹੈ ਤੇ ਸੱਤਾ ਦਾ ਸੁੱਖ ਤਿਆਗ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ। ਆਪ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਤੇ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਕਾਂਗਰਸ ਸਮੇਤ ਦੂਜੀਆਂ ਪਾਰਟੀਆਂ ਨੂੰ ਵੀ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਮੌਕੇ ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਬਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।