ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ
- ਪੰਜਾਬ ਪਾਣੀਆਂ ਦੇ ਸੰਕਟ ਨਾਲ ਜੂਝ ਰਿਹੈ, ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ
ਹੁਸ਼ਿਆਰਪੁਰ, 1 ਮਈ 2025: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰਾਜ ਦੇ ਹੱਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਇਸ ਗੰਭੀਰ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੂੰ ਪੰਜਾਬ ਦੇ ਹਿੱਤ ਲਈ ਖੜ੍ਹਨਾ ਚਾਹੀਦਾ ਹੈ ਤਾਂ ਜੋ ਸੰਘੀ ਢਾਂਚੇ ’ਤੇ ਹਮਲੇ ਦੀ ਇਸ ਕੋਝੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਦਾ ਸੰਕਟ ਹਰ ਸਾਲ ਗਹਿਰਾ ਰਿਹਾ ਹੈ ਅਤੇ ਦੂਸਰੇ ਪਾਸੇ ਦਰਿਆਵਾਂ ਵਿਚ ਪਾਣੀ ਦਾ ਵਹਾਅ ਘੱਟ ਹੋਣ ਕਾਰਨ ਸੂਬੇ ਵਿਚ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਰਿਆਣਾ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੁਆਉਣ ਲਈ ਪੰਜਾਬ ਦੀ ਬਾਂਹ ਮਰੋੜਨੀ ਸੂਬਿਆਂ ਦੇ ਅਖਤਿਆਰ ’ਤੇ ਸਿੱਧਾ ਹਮਲਾ ਹੈ ਜੋ ਕਿ ਨਾ ਸਹਿਣਯੋਗ ਹੈ।
ਆਉਂਦੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਕੋਲ ਆਪਣੀਆ ਜ਼ਰੂਰਤਾਂ ਤੋਂ ਵੀ ਘੱਟ ਪਾਣੀ ਹੈ ਅਤੇ ਹਰਿਆਣਾ, ਜੋ ਹੁਣ ਤੱਕ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ, ਨੂੰ ਹੋਰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਲੋਂ ਬੋਰਡ ਦੀ ਮੀਟਿੰਗ ਸੱਦ ਕੇ ਗੈਰ-ਕਾਨੂੰਨੀ ਢੰਗ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਹੱਕਾਂ ਨੂੰ ਬੁਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਸੂਬੇ ਦਾ ਹੱਕ ਖੋਹਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋੜੇ ਸਿਆਸੀ ਹਿੱਤਾਂ ਨੂੰ ਲਾਂਭੇ ਕਰਦਿਆਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣਾ ਚਾਹੀਦਾ ਹੈ।