ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੀ ਹੱਕ..! ਸਾਨੂੰ ਆਪਣੇ ਖੂਨ ਤੋਂ ਵੀ ਜ਼ਿਆਦਾ ਪਿਆਰਾ ਹੈ ਪਾਣੀ'
ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਾਣੀ ਦੇ ਅੰਕੜਿਆਂ ਤੋਂ ਲੈ ਕੇ ਕੀਤੇ ਵੱਡੇ ਖ਼ੁਲਾਸੇ- ਪੜ੍ਹੋ ਖ਼ਾਸ ਰਿਪੋਰਟ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ 1 ਮਈ 2025- ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਫੈਸਲਾ ਲਿਆ ਹੈ ਕਿ ਹਰਿਆਣਾ ਨੂੰ ਪੂਰਾ ਪਾਣੀ ਦਿੱਤਾ ਜਾਵੇਗਾ। ਬੁੱਧਵਾਰ ਸ਼ਾਮ ਹੋਈ ਇਕ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਰਿਆਣਾ ਲਈ 8,500 ਕਿਊਸਿਕ ਪਾਣੀ ਛੱਡਣ ਦੇ ਆਦੇਸ਼ ਦਿੱਤੇ ਗਏ।
ਜਿਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ਅਤੇ ਕਿਹਾ ਕਿ ਇੱਕ ਵੀ ਬੂੰਦ ਪਾਣੀ ਦੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ ਚਾਹੇ ਸਾਨੂੰ ਇਸ ਦੇ ਬਦਲੇ ਆਪਣਾ ਖੂਨ ਕਿਉਂ ਨਾ ਦੇਣਾ ਪਵੇ। ਉਹਨਾਂ ਕਿਹਾ ਕਿ ਪਾਣੀਆਂ ਤੇ ਸਿਰਫ ਪੰਜਾਬ ਦਾ ਹੱਕ ਹੈ ਤੇ ਪੰਜਾਬ ਦਾ ਹੀ ਰਹੇਗਾ ਕੇਂਦਰ ਕੋਝੀਆਂ ਚਾਲਾਂ ਚੱਲਦਾ ਇਹ ਸਭ ਡਰਾਮੇ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਸਾਨੂੰ ਆਪਣੇ ਖੂਨ ਤੋਂ ਵੀ ਜ਼ਿਆਦਾ ਪਿਆਰਾ ਹੈ ਪੰਜਾਬ ਦਾ ਪਾਣੀ' ਬੀਜੇਪੀ ਹੁਣ ਬੁਖਲਾਹਟ ਵਿੱਚ ਆ ਚੁੱਕੀ ਹੈ ਅਤੇ ਉਹ ਪੰਜਾਬ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਚੱਲ ਰਿਹਾ ਹੈ ਉਹ ਬਹੁਤ ਹੀ ਸਫਲਪੂਰਕ ਹੋ ਰਿਹਾ ਹੈ। ਬੀਜੇਪੀ ਇਸ ਨੂੰ ਯੁੱਧ ਨਸ਼ਿਆਂ ਵਿਰੁੱਧ ਨੂੰ ਤਾਰੋਂਪੀਡ ਕਰਨਾ ਚਾਹੁੰਦੀ।
ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ। ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਮਨੁੱਖ ਦੀ ਮੁਢਲੀ ਲੋੜ ਹੈ ਪਾਣੀ ਮਨੁੱਖ ਨੂੰ ਦਿੱਤੀ ਗਈ ਇੱਕ ਅਨਮੋਲ ਦਾਤ ਹੈ ਪਾਣੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਿੰਦਗੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।
ਉਹਨਾਂ ਕਿਹਾ ਕਿ ਸਾਡੇ ਗੁਰੂਆਂ ਵੱਲੋਂ ਵੀ ਸਾਨੂੰ ਉਦੇਸ਼ ਦਿੱਤਾ ਸੀ ਪਹਿਲਾਂ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ਭਾਵ ਪਾਣੀ ਜ਼ਿੰਦਗੀ ਦੇਣ ਵਾਲਾ ਕੁਦਰਤੀ ਸਰੋਤ ਹੈ ਜਿਸ ਨਾਲ ਜ਼ਿੰਦਗੀ ਚੱਲ ਰਹੀ ਹੈ ਧਰਤੀ ਉੱਤੇ ਪਾਣੀ ਦੀ ਹੋਂਦ ਸਦਕਾ ਇਹ ਮਨੁੱਖੀ ਹੋਂਦ ਸੰਭਵ ਹੈ।
ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਣੀਆਂ ਨੂੰ ਬਚਾਉਣ ਸਬੰਧੀ ਸਾਨੂੰ ਕੋਈ ਵੀ ਸੰਘਰਸ਼ ਕਰਨਾ ਪਊਗਾ ਤਾਂ ਅਸੀਂ ਬਿਲਕੁਲ ਤਿਆਰ ਆਂ ਹਰ ਸੰਘਰਸ਼ ਲਈ ਤਿਆਰ ਆ ਪਰ ਪੰਜਾਬ ਦਾ ਪਾਣੀ ਕਿਸੇ ਹੋਰ ਰਾਜਾਂ ਨੂੰ ਨਹੀਂ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਇਸ ਤੇ ਡੱਟ ਕੇ ਪਹਿਰਾ ਦਵੇਗੀ ਤੇ ਹਰ ਤਰ੍ਹਾਂ ਦੇ ਸੰਘਰਸ਼ ਲਈ ਅਸੀਂ ਤਿਆਰ ਹੈ।
ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਅਲਾਟ ਕੀਤੇ ਪਾਣੀ ਨਾਲੋਂ 16000 ਕਿਊਸਿਕ ਪਾਣੀ ਵੱਧ ਵਰਤ ਚੁੱਕਾ
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਅਲਾਟ ਕੀਤੇ ਪਾਣੀ ਨਾਲੋਂ 16000 ਕਿਊਸਿਕ ਪਾਣੀ ਵੱਧ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਹਰਿਆਣਾ ਨੇ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਪਸ ਵਿੱਚ ਗੰਢਤੁੱਪ ਕਰ ਲਈ ਹੈ ਅਤੇ ਬੀ.ਬੀ.ਐਮ.ਬੀ. ਨੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਕਰ ਲਿਆ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਅਤੇ ਬੋਰਡ ਦਾ ਇਹ ਫੈਸਲਾ ਆਪਹੁਦਰਾ, ਤਾਨਾਸ਼ਾਹੀ ਅਤੇ ਗੈਰ-ਜਮਹੂਰੀ ਹੈ।
ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਨੂੰ ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕਿਸੇ ਨੂੰ ਪਾਣੀ ਦੇਣ ਦਾ ਕੋਈ ਹੱਕ ਨਹੀਂ ਅਤੇ ਕਿਸੇ ਵੀ ਸੂਰਤ ਵਿੱਚ ਅਜਿਹਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਹਰਿਆਣਾ ਤੇ ਰਾਜਸਥਾਨ ਨੂੰ ਹਰੇਕ 21 ਮਈ ਤੋਂ 20 ਮਈ ਤੱਕ ਪਾਣੀਆਂ ਦਾ ਬਣਦਾ ਹਿੱਸਾ ਅਲਾਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਇਸ ਸਾਲ ਮਾਰਚ ਮਹੀਨੇ ਦੇ ਅੰਤ ਤੱਕ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ ਜਿਸ ਕਰਕੇ ਹੁਣ ਹੋਰ ਪਾਣੀ ਲੈਣ ਲਈ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ।
ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ
ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਹੇਠਾਂ ਆ ਚੁੱਕਾ ਹੈ। ਸੂਬੇ ਲਈ ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਇਸ ਨੂੰ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਕਿਉਂਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ।