"ਪਿੰਡਾਂ ਦੇ ਪਹਿਰੇਦਾਰ" "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ- ਬਰਿੰਦਰ ਕੁਮਾਰ ਗੋਇਲ
- ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ
- ਜੀਵਨ ਚੁਣੋ ਨਸ਼ੇ ਨਹੀਂ- ਗੁਰਮੀਤ ਸਿੰਘ ਖੁਡੀਆਂ
- ਨਸ਼ਿਆਂ ਖਿਲਾਫ ਬਣੀ ਲੋਕ ਲਹਿਰ- ਡਾ ਬਲਜੀਤ ਕੌਰ
- ਨਸ਼ੇ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ-ਬਲਜਿੰਦਰ ਕੌਰ
ਸ੍ਰੀ ਮੁਕਤਸਰ ਸਾਹਿਬ 3 ਮਈ 2025 - ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ "ਪਿੰਡਾਂ ਦੇ ਪਹਿਰੇਦਾਰ" ਦੱਸਦਿਆਂ ਉਹਨਾਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਇੱਕ ਸੰਗਠਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਰਾਜ ਵਿੱਚ 60 ਤੋਂ ਵੱਧ ਥਾਵਾਂ ਤੇ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜਰ ਚੱਲਿਆ ਪਰ ਕਿਤੇ ਵੀ ਕਿਸੇ ਵੱਲੋਂ ਵਿਰੋਧ ਨਹੀਂ ਕੀਤਾ ਗਿਆ ਇਹ ਆਪਣੇ ਆਪ ਵਿੱਚ ਪ੍ਰਮਾਣ ਹੈ ਕਿ ਲੋਕ ਹੁਣ ਇਸ ਮੁਹਿੰਮ ਨਾਲ ਦਿਲੋਂ ਜੁੜ ਚੁੱਕੇ ਹਨ।
ਉਹਨਾਂ ਨੇ ਕਿਹਾ ਕਿ ਪੁਲਿਸ ਨੂੰ ਪੇਸ਼ੇਵਾਰਾਨਾ ਆਜ਼ਾਦੀ ਦਿੱਤੀ ਗਈ ਹੈ ਤਾਂ ਜੋ ਉਹ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰ ਸਕੇ । ਉਹਨਾਂ ਨੇ ਜ਼ਿਲ੍ਹੇ ਦੇ ਪਿੰਡ ਭੁਲੇਰੀਆਂ ਦੀ ਉਦਾਹਰਨ ਦਿੱਤੀ ਜਿੱਥੇ ਨਸ਼ੇ ਤੋਂ ਲੋਕ ਰਹਿਤ ਜੀਵਨ ਜਿਉਂ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਜਵਾਨੀ ਨੂੰ ਕਾਮਯਾਬ ਕਰਨਾ ਹੈ ਤਾਂ ਸਾਨੂੰ ਪਿੰਡ ਸੁਰੱਖਿਆ ਕਮੇਟੀਆਂ ਦੇ ਮਾਰਫਤ ਨਸ਼ਿਆਂ ਖਿਲਾਫ ਇਸ ਯੁੱਧ ਵਿੱਚ ਪੂਰੀ ਤਾਕਤ ਲਗਾਉਣੀ ਹੋਵੇਗੀ । ਉਹਨਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਨੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਹੈ। ਉਹਨਾਂ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਪੀੜਤਾਂ ਦਾ ਇਲਾਜ ਕਰਵਾਓ। ਉਹਨਾਂ ਨੇ ਕਿਹਾ ਕਿ ਇਹ ਮੁਹਿੰਮ ਰੁਕੇਗੀ ਨਹੀਂ ਸਗੋਂ ਮੁਹਿੰਮ ਵਿੱਚ ਫਤਿਹ ਹਾਸਿਲ ਹੋਣ ਤੱਕ ਚੱਲੇਗੀ। ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਇਸ ਮੁਹਿੰਮ ਵਿੱਚ ਜੁੜਨ ਲਈ ਇੱਕ ਸੰਹੁ ਵੀ ਚੁਕਾਈ।
ਇਸ ਤੋਂ ਪਹਿਲਾਂ ਬੋਲਦਿਆਂ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤਿੰਨ ਸਾਲ ਪਹਿਲਾਂ ਜੋ ਸਰਕਾਰ ਬਣਾਈ ਸੀ ਉਹ ਪਹਿਲੇ ਦਿਨ ਤੋਂ ਹੀ ਇਸ ਮੁਹਾਜ ਤੇ ਕੰਮ ਕਰ ਰਹੀ ਸੀ । ਉਹਨਾਂ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਤਨਦੇਹੀ ਨਾਲ ਸਮਾਜ ਦੀ ਬਿਹਤਰੀ ਲਈ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਸਾਡੀ ਜਵਾਨੀ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੇ 56 ਹਜਾਰ ਸਰਕਾਰੀ ਨੌਕਰੀਆਂ ਉਪਲਬਧ ਕਰਵਾ ਕੇ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਹੈ ।
ਸਮਾਜਿਕ ਨਿਆਂ ਅਤੇ ਅਧਿਕਾਰਿਕਤਾ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਨਸ਼ਾ ਸਾਡੀ ਜਵਾਨੀ ਲਈ ਖਤਰਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ। ਉਹਨਾਂ ਨੇ ਕਿਹਾ ਕਿ ਇਹ ਇੱਕ ਬਿਮਾਰੀ ਹੈ ਪਰ ਇਲਾਜ ਯੋਗ ਹੈ । ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਸ ਦਾ ਇਲਾਜ ਬਿਲਕੁਲ ਮੁਫਤ ਹੁੰਦਾ ਹੈ ਹੈ। ਉਹਨਾਂ ਸੱਦਾ ਦਿੱਤਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਈਏ ।
ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬਲਜਿੰਦਰ ਕੌਰ ਚੀਫ ਵਿਪ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਇੱਛਾ ਅਨੁਸਾਰ ਹੀ ਇਹ ਮੁਹਿੰਮ ਚਲਾ ਰਹੀ ਹੈ ਅਤੇ ਕਿਸੇ ਵੀ ਨਸ਼ਿਆਂ ਦੇ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਨਸ਼ਾ ਰੋਕਿਆ ਨਹੀਂ ਗਿਆ ਸਗੋਂ ਨਸ਼ਾ ਤਸਕਰਾਂ ਨੂੰ ਸਰਪਰਸਤੀ ਮਿਲਦੀ ਰਹੀ ਜਿਸ ਕਾਰਨ ਇਹ ਕੋਹੜ ਸਮਾਜ ਵਿੱਚ ਇਸ ਕਦਰ ਫੈਲ ਗਿਆ ਪਰ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬਿਮਾਰੀ ਨੂੰ ਪੂਰਨ ਤੌਰ ਤੇ ਖਤਮ ਕਰਕੇ ਰਹੇਗੀ
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਭੀਜੀਤ ਕਪਲੀਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 90 ਤੋਂ ਵਧਾ ਕੇ 190 ਕਰ ਦਿੱਤੀ ਗਈ ਹੈ। ਉਹਨਾਂ ਨੇ ਨਸ਼ਾ ਮੁਕਤੀ ਯਾਤਰਾ ਬਾਰੇ ਵੀ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕ ਵੱਧ ਚੜ ਕੇ ਇਸ ਯਾਤਰਾ ਵਿੱਚ ਭਾਗ ਲੈਣ। ਐਸਐਸਪੀ ਅਖਿਲ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ
ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਜ਼ਿਲਾ ਪ੍ਰਧਾਨ ਜਸ਼ਨ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।