ਕੇਂਦਰ ਦੇ ਪੰਜਾਬ ਵਿਰੋਧੀ ਵਤੀਰੇ ਦੀ ਪੰਜਾਬ ਚੇਤਨਾ ਮੰਚ ਵਲੋਂ ਸਖ਼ਤ ਨਿੰਦਾ
ਫਗਵਾੜਾ,3 ਮਈ 2025 - ਪੰਜਾਬ ਦੇ ਪਾਣੀਆਂ ਦੀ ਵੰਡ ਦੇ ਮਸਲੇ ਉੱਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਪੰਜਾਬ ਚੇਤਨਾ ਮੰਚ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਅਤੇ ਕੇਂਦਰ ਦੇ ਪੰਜਾਬ ਪ੍ਰਤੀ ਵਤੀਰੇ ਦੀ ਸਖ਼ਤ ਨਿੰਦਿਆ ਕੀਤੀ ਹੈ।
ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ,ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਗੁਰਮੀਤ ਸਿੰਘ ਪਲਾਹੀ ਵੱਲੋਂ ਇੱਥੇ ਜਾਰੀ ਕੀਤੇ ਗਏ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਨਾ ਸਿਰਫ਼ ਪੰਜਾਬ ਦੇ ਹੱਕਾਂ ਲਈ ਸਖ਼ਤੀ ਨਾਲ ਖੜਨਾ ਚਾਹੀਦਾ ਹੈ, ਸਗੋਂ ਪੰਜਾਬ ਵਿਧਾਨ ਸਭਾ ਦੇ ਸੋਮਵਾਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਇੱਕ ਮਤਾ ਪਾਸ ਕਰਕੇ ਕੇਂਦਰ ਵੱਲੋਂ ਬਣਾਏ ਗਏ "ਡੈਮ ਸੇਫ਼ਟੀ ਕਾਨੂੰਨ" ਨੂੰ ਵੀ ਰੱਦ ਕਰਨਾ ਚਾਹੀਦਾ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਜਿਵੇਂ ਪਾਣੀਆਂ ਦੇ ਮਸਲੇ ਉੱਤੇ ਸਰਬ ਪਾਰਟੀ ਮੀਟਿੰਗ ਵਿੱਚ ਸਹਿਮਤੀ ਪ੍ਰਗਟਾਈ ਗਈ ਹੈ ਇਵੇਂ ਹੀ ਇੱਕ ਸਰਬ ਪਾਰਟੀ ਮੀਟਿੰਗ ਬੁਲਾ ਕੇ ਅਤੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਦੀ ਮੰਗ ਵੀ ਪੂਰੇ ਜ਼ੋਰ ਸ਼ੋਰ ਨਾਲ ਤੇ ਸਰਬ ਸੰਮਤੀ ਨਾਲ ਉਠਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਚੇਤਨਾ ਮੰਚ ਪੰਜਾਬ ਲਈ ਖੜਨ ਵਾਲੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੀ ਪੂਰਨ ਹਮਾਇਤ ਕਰਦਾ ਹੈ।