ਨਸ਼ੇ ਦੇ ਖਾਤਮੇ ਲਈ ਵਾਰਡ ਪੱਧਰ 'ਤੇ ਬਣਨਗੀਆਂ ਕਮੇਟੀਆਂ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ
ਜਲੰਧਰ, 6 ਮਈ 2025: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬਸਤੀ ਨੌ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਪਿੰਡ ਸੁਰੱਖਿਆ ਕਮੇਟੀਆਂ’ ਦੀ ਤਰਜ਼ 'ਤੇ ਸ਼ਹਿਰਾਂ ਵਿੱਚ ਵੀ ਵਾਰਡ ਪੱਧਰ 'ਤੇ ਅਜਿਹੀਆਂ ਕਮੇਟੀਆਂ ਦਾ ਗਠਨ ਕਰਨਾ ਸੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ਼ ਸੰਕਲਪ ਹੈ ਅਤੇ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਡੈੱਡ ਲਾਈਨ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਨਸ਼ਾ ਮੁਕਤ ਦੇਖਣਾ ਚਾਹੁੰਦੇ ਹਨ, ਜਿਸ ਦੇ ਲਈ ਪਿੰਡਾਂ ਦੇ ਪਹਿਰੇਦਾਰ ਵਜੋਂ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਭਗਤ ਨੇ ਕਿਹਾ ਕਿ ਇਹੀ ਮਾਡਲ ਸ਼ਹਿਰੀ ਖੇਤਰਾਂ ਵਿੱਚ ਵੀ ਲਾਗੂ ਕਰਦੇ ਹੋਏ ਵਾਰਡ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ, ਤਾਂ ਜੋ ਹਰ ਉਸ ਵਿਅਕਤੀ 'ਤੇ ਨਜ਼ਰ ਰੱਖੀ ਜਾ ਸਕੇ ਜੋ ਨਸ਼ਾ ਵੇਚਦਾ ਜਾਂ ਵਰਤਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ 'ਚ ਪਹੁੰਚਾਇਆ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਨੂੰ ਢੁੱਕਵੇਂ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਹਾਲਤ ਵਿੱਚ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜਿਸ ਵੀ ਥਾਣਾ ਖੇਤਰ 'ਚ ਨਸ਼ਾ ਵੇਚਣ ਦੀ ਸੂਚਨਾ ਮਿਲੇਗੀ, ਉਸ ਇਲਾਕੇ ਦਾ ਥਾਣਾ ਇੰਚਾਰਜ ਜਵਾਬਦੇਹ ਹੋਵੇਗਾ ਅਤੇ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਨਸ਼ਿਆਂ ਖਿਲਾਫ਼ ਵਿੱਚ ਜੰਗ ਵਿੱਚ ਸਭ ਨੂੰ ਇਮਾਨਦਾਰੀ ਨਾਲ ਜੁਟਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਯੂਥ ਪ੍ਰਧਾਨ ਰੁਬਲ ਸੰਧੂ, ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਪਵਨ ਹੰਸ, ਕੌਂਸਲਰ ਰੋਮੀ ਵਧਵਾ, ਜਲੰਧਰ ਪੱਛਮੀ ਇੰਚਾਰਜ ਕਮਲ ਲੋਚ, ਸੰਜੀਵ ਭਗਤ, ਗੁਰਨਾਮ ਸਿੰਘ, ਗੌਰਵ ਜੰਗ, ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਵੀ ਮੌਜੂਦ ਸਨ।