ਸਰਹੱਦੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਮੁਖੀਆਂ ਨੂੰ ਵਾਧੂ ਫੰਡ ਤੁਰੰਤ ਜਾਰੀ ਹੋਣ - ਬ੍ਰਹਮਪੁਰਾ
- ਪਾਣੀਆਂ 'ਤੇ ਸਿਆਸਤ ਹੋਵੇ, ਪਰ ਦੇਸ਼ ਦੀ ਸੁਰੱਖਿਆ ਸਰਵਉੱਚ - ਬ੍ਰਹਮਪੁਰਾ
- ਖਡੂਰ ਸਾਹਿਬ ਸਮੇਤ ਸਰਹੱਦੀ ਖੇਤਰਾਂ ਦੀ ਸੁਰੱਖਿਆ 'ਤੇ ਮਾਨ ਸਰਕਾਰ ਗੰਭੀਰ ਹੋਵੇ - ਬ੍ਰਹਮਪੁਰਾ
ਤਰਨ ਤਾਰਨ 08 ਮਈ 2025: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਵਧ ਰਹੇ ਤਣਾਅ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਦੇ ਲੋਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ 'ਤੇ ਸਿਆਸਤ ਜ਼ਰੂਰੀ ਹੈ, ਪਰ ਦੇਸ਼ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਪਿੰਡ ਭੱਠਲ ਭਾਈਕੇ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਸਰਹੱਦੀ ਖੇਤਰਾਂ ਦੇ ਲੋਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਲਈ ਕਈ ਸੁਝਾਅ ਦਿੱਤੇ ਹਨ ਅਤੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ 'ਆਪ੍ਰੇਸ਼ਨ ਸਿੰਧੂਰ' ਵਰਗੀਆਂ ਕਾਰਵਾਈਆਂ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਰਕਾਰ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਸ. ਬ੍ਰਹਮਪੁਰਾ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧਾਂ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਹੈਡਕੁਆਰਟਰਾਂ ਦੇ ਮੁਖੀਆਂ ਨੂੰ ਕਿਸੇ ਵੀ ਸਥਿਤੀ ਨਾਲ ਨਿਜਠਣ ਲਈ ਵਾਧੂ ਫੰਡ ਜਾਰੀ ਕੀਤੇ ਜਾਣ ਤਾਂ ਜੋ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾ ਸਕਣ।
ਸ. ਬ੍ਰਹਮਪੁਰਾ ਨੇ ਸਰਕਾਰ ਨੂੰ ਸੁਝਾਅ ਦਿੱਤਾ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ 24x7 ਕੰਮ ਕਰਨ ਵਾਲੇ ਐਮਰਜੈਂਸੀ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਆਵਾਜਾਈ ਦੇ ਸਾਧਨ ਉਪਲਬਧ ਕਰਵਾਏ ਜਾਣ, ਭੋਜਨ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਪਸ਼ੂ ਧਨ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਬਲਾਂ ਅਤੇ ਸਥਾਨਕ ਪ੍ਰਸ਼ਾਸਨ ਵਿੱਚ ਤਾਲਮੇਲ ਵਧਾਇਆ ਜਾਵੇ ਅਤੇ ਲੋਕਾਂ ਦੀ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਲਈ ਆਨਲਾਈਨ ਕਲਾਸਾਂ ਜਾਂ ਹੋਰ ਬਦਲਵੇਂ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ।
ਸ. ਬ੍ਰਹਮਪੁਰਾ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸੁਝਾਵਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸਰਹੱਦੀ ਖੇਤਰ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਵਿੱਚ ਸੁਰੱਖਿਆ ਅਤੇ ਭਰੋਸੇ ਦੀ ਭਾਵਨਾ ਪੈਦਾ ਹੋ ਸਕੇ।
ਇਸ ਮੌਕੇ ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ, ਜਸਮੀਤ ਸਿੰਘ ਸਾਬਕਾ ਸਰਪੰਚ ਭੱਠਲ ਭਾਈਕੇ, ਮਨਜਿੰਦਰ ਸਿੰਘ ਸਾਬਕਾ ਸਰਪੰਚ ਭੱਠਲ ਭਾਈਕੇ, ਗੁਰਮੁਖ ਸਿੰਘ ਸਾਬਕਾ ਸਰਪੰਚ ਭੱਠਲ ਭਾਈਕੇ, ਜਥੇਦਾਰ ਨਿਰੰਜਨ ਸਿੰਘ, ਮੁਖਤਾਰ ਸਿੰਘ, ਬਲਦੇਵ ਸਿੰਘ ਅਤੇ ਲਖਬੀਰ ਸਿੰਘ ਮੈਂਬਰ ਪੰਚਾਇਤ ਭੱਠਲ ਭਾਈਕੇ, ਅਮਰਜੀਤ ਸਿੰਘ ਖੇਲਾ ਸਾਬਕਾ ਸਰਪੰਚ, ਸਤਨਾਮ ਸਿੰਘ ਕੱਲਾ ਸਾਬਕਾ ਬਲਾਕ ਸੰਮਤੀ ਮੈਂਬਰ ਆਦਿ ਵੀ ਹਾਜ਼ਰ ਸਨ।