ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣ ਲਈ ਸੰਗਰੂਰ ਪੁਲਿਸ ਵੱਲੋਂ ਰੁਟੀਨ ਚੈਕਿੰਗ
- ਜ਼ਿਲ੍ਹਾ ਪੁਲਿਸ ਹਮੇਸ਼ਾਂ ਲੋਕਾਂ ਦੀ ਸੁਰੱਖਿਆ ਲਈ ਤਤਪਰ - ਐੱਸ ਐੱਸ ਪੀ ਸਰਤਾਜ ਸਿੰਘ ਚਾਹਲ
ਦਲਜੀਤ ਕੌਰ
ਸੰਗਰੂਰ, 8 ਮਈ, 2025: ਮੌਜੂਦਾ ਹਾਲਾਤ ਦੇ ਚੱਲਦਿਆਂ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਬਣਾਈ ਰੱਖਣ ਲਈ ਸੰਗਰੂਰ ਪੁਲਿਸ ਵੱਲੋਂ ਅੱਜ ਪੂਰੇ ਜ਼ਿਲ੍ਹੇ ਵਿੱਚ ਰੁਟੀਨ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਲੋਕ ਪੂਰੀ ਤਰ੍ਹਾਂ ਚੌਕਸ ਅਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੇ ਰਹੇ ਹਨ।
ਇਸ ਆਮ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਸ੍ਰ ਸਰਤਾਜ ਸਿੰਘ ਚਾਹਲ ਐੱਸ ਐੱਸ ਪੀ ਸੰਗਰੂਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਲੋਕਾਂ ਦੀ ਸੁਰੱਖਿਆ ਲਈ ਤਤਪਰ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿੱਚ ਨਾ ਆਉਣ। ਸੂਬੇ ਦਾ ਮਾਹੌਲ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ। ਪੁਲਿਸ ਵੱਲੋਂ ਹਰ ਤਰ੍ਹਾਂ ਦੀ ਗਤੀਵਿਧੀ ਅਤੇ ਸਥਿਤੀ ਉੱਤੇ ਪੂਰੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਸੰਗਰੂਰ ਜਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਦੀ ਸਹੂਲਤ ਲਈ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 01672-234128 ਹੈ। ਇਹ 24x7 ਚੱਲੇਗਾ।
ਇਸ ਤੋਂ ਇਲਾਵਾ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਫਤਰ ਵਿਖੇ ਵੀ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 8054545100 ਅਤੇ 8054545200 ਹਨ। ਇਸ ਤੋਂ ਇਲਾਵਾ 112 ਹੈਲਪ ਲਾਈਨ ਨੰਬਰ ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਐਸ ਐਸ ਪੀ ਸ੍ਰ ਸਰਤਾਜ ਸਿੰਘ ਚਾਹਲ ਨੇ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਅਤੇ ਭੜਕਾਊ ਸੰਦੇਸ਼ ਫੈਲਾਉਣ ਵਿਰੁੱਧ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਸਾਨੂੰ ਗੈਰ-ਪ੍ਰਮਾਣਿਤ ਸੰਦੇਸ਼ਾਂ ਨੂੰ ਅੱਗੇ ਭੇਜਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜੋ ਦਹਿਸ਼ਤ ਫੈਲਾ ਸਕਦੇ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਵਿਗਾੜ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਈਬਰ ਸੈੱਲ ਨੂੰ ਅਫਵਾਹਾਂ ਦੇ ਫੈਲਾਅ ਦੀ ਨਿਗਰਾਨੀ ਅਤੇ ਰੋਕਥਾਮ ਲਈ ਅਲਰਟ 'ਤੇ ਰੱਖਿਆ ਗਿਆ ਹੈ।