ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਰੰਧਾਵਾ ਨੇ ਰਾਵੀ ਦਰਿਆ ਤੋਂ ਪਾਰ ਪਿੰਡਾਂ ਦਾ ਕੀਤਾ ਦੌਰਾ
ਸਰਹੱਦੀ ਪਿੰਡਾਂ ਦੇ ਲੋਕਾਂ ਹਮੇਸ਼ਾਂ ਦੇਸ਼ ਦੇ ਸੁਰੱਖਿਆ ਲਈ ਮੋਹਰੀ ਭੂਮਿਕਾ ਨਿਭਾਈ -ਵਿਧਾਇਕ ਸ਼ੈਰੀ ਕਲਸੀ
ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਤੌਰ 'ਤੇ ਕਰਨ-ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਬਟਾਲਾ 9 ਮਈ ਹਿੰਦ-ਪਾਕਿ ਸਰਹੱਦ 'ਤੇ ਬਣੇ ਸੰਵੇਦਨਸ਼ੀਲ ਮਾਹੌਲ ਨੂੰ ਮੁੱਖ ਰੱਖਦਿਆਂ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਰਾਵੀ ਦਰਿਆ ਤੋਂ ਪਾਰ ਪਿੰਡ ਘਣੀਏ ਕੇ ਬੇਟ ਅਤੇ ਪਿੰਡ ਗੁਰਚੱਕ ਤੇ ਡਾਲਾ ਦਾ ਦੌਰਾ ਕੀਤਾ ਗਿਆ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ।ਇਸ ਮੌਕੇ ਆਦਿੱਤਿਆ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ -ਕਮ- ਐਸ.ਡੀ.ਐਮ ਡੇਰਾ ਬਾਬਾ ਨਾਨਕ, ਚੇਅਰਮੈਨ ਰਣਜੀਤ ਸਿੰਘ ਬਾਠ, ਜੋਗਾ ਸਿੰਘ ਡੀ.ਐਸ.ਪੀ, ਲਛਮਣ ਸਿੰਘ ਤਹਿਸੀਲਦਾਰ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਾਰਤ-ਪਾਕਿ ਵਿੱਚ ਮੌਜੂਦਾ ਬਣੇ ਹਾਲਤਾਂ ਨੂੰ ਵੇਖਦਿਆਂ ਉਨ੍ਹਾਂ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹਾਇਤਾ ਲਈ ਰਾਹਤ ਕੈਂਪ ਬਣਾਏ ਗਏ ਹਨ ਅਤੇ ਪਸ਼ੂਆਂ ਦੇ ਰੱਖ ਰਖਾਅ ਅਤੇ ਚਾਰੇ ਲਈ ਲੋੜੀਦੇ ਪਰਬੰਧ ਕੀਤੇ ਗਏ ਹਨ, ਇਸ ਲਈ ਲੋਕ ਕਿਸੇ ਘਬਰਾਹਟ ਵਿੱਚ ਨਾ ਆਉਣ ਤੇ ਸੁਚੇਤ ਰਹਿਣ।
ਕਾਰਜਕਾਰੀ ਪੰਜਾਬ ਪ੍ਰਧਾਨ ਸ਼ੈਰੀ ਸ਼ੈਰੀ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਲਈ ਮੋਹਰੀ ਹੋ ਕੇ ਭੂਮਿਕਾ ਨਿਭਾਈ ਹੈ ਅਤੇ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕੀਤਾ ਹੈ। ਉਨ੍ਹਾਂ ਪਿੰਡ ਵਾਸੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਸਰਕਾਰ ਦੀਆਂ ਸਮੇਂ ਸਮੇਂ ਤੇ ਜਾਰੀ ਹੋ ਰਹੀਆਂ ਹਦਾਇਤਾਂ ਦੀ ਇੰਨਬਿੰਨ ਪਾਲਨਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਫੌਜੀ ਜਵਾਨਾਂ ਨਾਲ ਮਿਲ ਕੇ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਨਾਲ ਡੱਟ ਕੇ ਖੜਾ ਹੋ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਸਹਿਜ ਵਿੱਚ ਰਹਿੰਦੇ ਹੋਏ ਪ੍ਰਸ਼ਾਸ਼ਨ ਨੂੰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਸਤੇ ਸਹਿਯੋਗ ਦੇਣ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਲੋਕਾਂ ਦੀ ਬਹਾਦਰੀ ਦੀ ਸਰਾਹਨਾ ਕਰਦਿਆਂ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਆਪਸੀ ਸਹਿਯੋਗ ਨਾਲ ਇਸ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ 24 ਘੰਟੇ ਲੋਕਾਂ ਨਾਲ ਸੰਪਰਕ ਵਿੱਚ ਹਨ ਅਤੇ ਕਿਸੇ ਵੀ ਔਖੀ ਘੜੀ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਆਦਿੱਤਿਆ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਤੇ ਐਸਡੀਐਮ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਪਰਬੰਧ ਕੀਤੇ ਗਏ ਹਨ ਅਤੇ ਸਮੂਹ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਣ ਵਾਲੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਉੱਤੇ ਲੋਕ ਹਿੱਤ ਵਿੱਚ ਜਾਰੀ ਹੋਣ ਵਾਲੀ ਅਡਵਾਈਜ਼ਰੀ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01874-266376 ਜਿਲ੍ਹਾ ਵਾਸੀਆਂ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਰਾਊਂਡ ਦੀ ਕਲਾਕ ਚੱਲ ਰਿਹਾ ਹੈ ਅਤੇ ਲੋੜ ਪੈਣ 'ਤੇ ਜ਼ਿਲ੍ਹਾ ਵਾਸੀ ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੇ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਟੀਮਾਂ ਕੁਇੱਕ ਰਿਸਪਾਂਸ ਦੇਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ।