ਚੇਅਰਮੈਨ ਰਮਨ ਬਹਿਲ ਦੀ ਪ੍ਰੇਰਨਾ ਸਦਕਾ ਪੁਰਾਣੇ ਸਿਵਲ ਹਸਪਤਾਲ ਵਿੱਚ ਲਗਾਇਆ ਗਿਆ ਖ਼ੂਨਦਾਨ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ, 10 ਮਈ 2025 - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਪ੍ਰੇਰਨਾ ਅਤੇ ਯਤਨਾਂ ਸਦਕਾ ਅੱਜ ਪੁਰਾਣੇ ਸਿਵਲ ਹਸਪਤਾਲ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖ਼ੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ।
ਉਨ੍ਹਾਂ ਕਿਹਾ ਕਿ ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਕੀਮਤੀ ਜਾਨ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕੇ ਹਾਂ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਖ਼ੂਨਦਾਨ ਕਰਨ ਲਈ ਅੱਗੇ ਆਉਣ। ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ ਗਈ।