ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
- ਪੰਜਾਬ ਸਰਕਾਰ ਵੱਲੋਂ ਸਰਹੱਦੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਗੁਰਕਿਰਤ ਕ੍ਰਿਪਾਲ ਸਿੰਘ
ਰੋਹਿਤ ਗੁਪਤਾ
ਗੁਰਦਾਸਪੁਰ, 10 ਮਈ 2025 - ਭਾਰਤ-ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਤਾਂ ਦੀ ਹਰੇਕ ਗਤੀਵਿਧੀ ਜਾਣਨ ਅਤੇ ਲੋਕਾਂ ਦੀ ਸਹਾਇਤਾ ਲਈ ਸਟੇਟ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੀ ਹਰੇਕ ਸਥਿਤੀ ਦਾ ਸਟੇਟ ਕੰਟਰੋਲ ਰੂਮ ਨਾਲ ਤਾਲਮੇਲ ਰੱਖਦੇ ਹੋਏ ਸੂਚਨਾ ਤੁਰੰਤ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ, ਖ਼ੁਰਾਕ ਤੇ ਸਿਵਲ ਸਪਲਾਈ, ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫ਼ੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ ਨਿਯੁਕਤ ਕੀਤੇ ਸੀਨੀਅਰ ਆਈ.ਏ.ਐੱਸ ਅਧਿਕਾਰੀ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨ ਵੇਲੇ ਦਿੱਤੀ।
ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਡਿਊਟੀ ਦੇ ਨਾਲ ਨਾਲ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਆਮ ਲੋਕਾਂ ਨੂੰ ਅਫਵਾਵਾਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਲੋੜ ਪੈਣ ਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਅੰਦਰ ਲੋੜੀਂਦੀ ਮਾਤਰਾ ਵਿੱਚ ਦਵਾਈਆਂ, ਡਾਕਟਰਾਂ, ਸਮੇਤ ਬਿਸਤਰਿਆਂ ਦੀ ਗਿਣਤੀ ਦੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਜ਼ਿਲ੍ਹੇ ਦੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਦੀ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਰੇਕ ਪ੍ਰਕਾਰ ਦੀਆਂ ਜ਼ਰੂਰੀ ਵਸਤਾਂ ਦਾ ਸਟਾਕ ਉਪਲਬੱਧ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਕਰਨ ਵਾਲਿਆਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਖਾਣ- ਪੀਣ, ਪੈਟਰੋਲ, ਡੀਜ਼ਲ ਅਤੇ ਹੋਰ ਰੋਜ਼ਾਨਾਂ ਦੀਆਂ ਲੋੜੀਂਦੀਆਂ ਵਸਤਾਂ ਸਟੋਰੇਜ ਨਾ ਕਰਨ ਲਈ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੀ ਸਥਿਤੀ ਸਮੇਂ ਕੋਈ ਵੀ ਬੇਲੋੜੀ ਲਾਈਟਾਂ ਜਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਸੋਲਰ ਲਾਈਟਾਂ ਅਤੇ ਸਟਰੀਟ ਲਾਈਟਾਂ ਰਾਤ ਵੇਲੇ ਬੰਦ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਲੈਕ ਆਊਟ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਲਈ ਫਾਇਰਬ੍ਰਿਗੇਡ, ਸਿਹਤ ਸੁਵਿਧਾਵਾਂ ਸਮੇਤ ਜ਼ਿਲ੍ਹੇ ਅੰਦਰ ਖਾਣ-ਪੀਣ, ਜ਼ਰੂਰੀ ਵਸਤਾਂ ਦਾ ਸਟਾਕ ਲੋੜ ਅਨੁਸਾਰ ਉਪਲਬੱਧ ਹੈ ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸ੍ਰੀ ਆਦਿੱਤਿਯ, ਸੀਨੀਅਰ ਪੁਲਿਸ ਕਪਤਾਨ ਬਟਾਲਾ ਸ੍ਰੀ ਸੋਹੇਲ ਕਾਸਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।