ਜ਼ਹਿਰੀਲੀ ਸ਼ਰਾਬ ਪੀਣ ਕਾਂਡ: ਅਕਾਲੀ ਆਗੂ ਬਬਲੀ ਢਿੱਲੋਂ ਨੇ ਸਰਕਾਰ ਦੀ ਕੀਤੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ,15 ਮਈ 2025 : ਅਬਦਾਲੀਆਂ ਤੋਂ ਬਾਅਦ, ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟਣ ਲਈ ਦਿੱਲੀ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਪੰਜਾਬ ਦੀ ਵਾਗਡੋਰ ਭਗਵੰਤ ਮਾਨ ਨੇ ਦਿੱਲੀ ਦੀ ਜਨਤਾ ਕੋਲੋਂ ਨਕਾਰੇ ਆਕਾਵਾਂ ਨੂੰ ਸੌਂਪ ਕੇ ਪੰਜਾਬ ਦੇ ਲੋਕਾਂ ਨਾਲ ਇੱਕ ਤੋਂ ਬਾਅਦ ਇੱਕ ਧੋਖਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਪੰਜਾਬ ਦੀ ਵਾਗਡੋਰ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਗਏ ਆਗੂਆਂ ਨੂੰ ਸੌਂਪ ਦਿੱਤੀ ਹੈ, ਜਿਨ੍ਹਾਂ ਨੇ ਹਰ ਵਿਭਾਗ 'ਤੇ ਕਬਜ਼ਾ ਕਰ ਲਿਆ ਹੈ ਅਤੇ ਜਿਨ੍ਹਾਂ ਦਾ ਇੱਕੋ ਇੱਕ ਉਦੇਸ਼ ਪੰਜਾਬ ਨੂੰ ਲੁੱਟਣਾ ਅਤੇ ਪੰਜਾਬ ਵਾਸੀਆਂ ਨੂੰ ਬਰਬਾਦ ਕਰਨਾ ਹੈ। ਜਿਨ੍ਹਾਂ ਨੂੰ ਭਗਵੰਤ ਮਾਨ ਨੇ ਆਪਣੀ ਮਰਜ਼ੀ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਦੋ ਦਿਨ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 12 ਲੋਕਾਂ ਦੀ ਮੌਤ ਹੋ ਗਈ ਸੀ। ਉਕਤ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਹਿਰੀਲੀ ਸ਼ਰਾਬ ਕਾਰਨ ਹੋਇਆ ਇਹ ਤੀਜਾ ਵੱਡਾ ਹਾਦਸਾ ਹੈ। ਹਲਕਾ ਇੰਚਾਰਜ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਪੁਰਾਣੇ ਬਿਆਨ ਯਾਦ ਰੱਖਣੇ ਚਾਹੀਦੇ ਹਨ, ਜਦੋਂ ਉਹ ਖੁਦ ਕਹਿੰਦੇ ਸਨ ਕਿ ਜ਼ਹਿਰੀਲੀ ਸ਼ਰਾਬ ਦਾ ਗੈਰ-ਕਾਨੂੰਨੀ ਕਾਰੋਬਾਰ ਸਰਕਾਰ ਅਤੇ ਪ੍ਰਸ਼ਾਸਨ ਦੇ ਸਮਰਥਨ ਨਾਲ ਚੱਲਦਾ ਹੈ, ਅਜਿਹੇ ਵਿੱਚ ਇਹ ਸਪੱਸ਼ਟ ਹੈ ਕਿ ਭਗਵੰਤ ਮਾਨ ਸਰਕਾਰ ਉਕਤ ਸ਼ਰਾਬ ਮਾਫੀਆ ਨਾਲ ਮਿਲੀਭੁਗਤ ਵਿੱਚ ਹੈ, ਜਿਸ ਕਾਰਨ ਸਰਕਾਰ ਦੇ ਕਾਰਜਕਾਲ ਦੌਰਾਨ ਇਹ ਤੀਜਾ ਵੱਡਾ ਹਾਦਸਾ ਹੋਇਆ ਹੈ।
ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਸ਼ਿਖਰਾਂ 'ਤੇ ਪਹੁੰਚ ਗਈ ਹੈ, ਚਿੱਟੇ ਕਾਰਨ ਪੰਜਾਬ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਨੌਜਵਾਨ ਮਰ ਰਹੇ ਹਨ। ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ। ਬਠਿੰਡਾ ਵਿੱਚ ਲੁੱਟ ਖਸੁੱਟ, ਚੋਰੀ ਦੀਆਂ ਘਟਨਾਵਾਂ ਲਗਾਤਾਰ ਘਟਿਤ ਹੋ ਰਹੀਆਂ ਹਨ, ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਬਬਲੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।