ਜਲਾਲਾਬਾਦ ‘ਚ ਬਣੇਗੀ ਨਵੀਂ ਅਨਾਜ ਮੰਡੀ; ਖੁੱਡੀਆਂ ਵੱਲੋਂ ਡੀ.ਸੀ. ਫਾਜ਼ਿਲਕਾ ਨੂੰ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਆਦੇਸ਼
* ਖੇਤੀਬਾੜੀ ਮੰਤਰੀ ਨੇ ਮੰਡੀ ਬਣਾਉਣ ਦੇ ਕਾਰਜ ‘ਚ ਤੇਜ਼ੀ ਲਿਆਉਣ ਲਈ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਆਨਲਾਈਨ ਮੀਟਿੰਗ
* ਨਵੀਂ ਅਨਾਜ ਮੰਡੀ ਦੇ ਬਣਨ ਨਾਲ ਕਿਸਾਨਾਂ ਉਤੇ ਲੌਜਿਸਟਿਕ ਖ਼ਰਚਿਆਂ ਦਾ ਬੋਝ ਘਟੇਗਾ- ਗੁਰਮੀਤ ਸਿੰਘ ਖੁੱਡੀਆਂ
ਜਲਾਲਾਬਾਦ, 15 ਮਈ 2025 - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਲਈ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਘਰਾਂ ਦੇ ਨੇੜੇ ਫਸਲ ਵੇਚਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਨਾਲ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੂੰ ਨਵੀਂ ਅਨਾਜ ਮੰਡੀ ਬਣਾਉਣ ਲਈ ਢੁਕਵੀਂ ਜਗ੍ਹਾ, ਜਿਸ ਤੱਕ ਕਿਸਾਨਾਂ ਦੀ ਪਹੁੰਚ ਆਸਾਨ ਹੋਵੇ, ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ 19 ਮਈ ਤੱਕ ਅਨਾਜ ਮੰਡੀ ਲਈ ਪ੍ਰਸਤਾਵਿਤ ਜਗ੍ਹਾ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਵੀਂ ਅਨਾਜ ਮੰਡੀ ਬਣਨ ਨਾਲ ਕਿਸਾਨਾਂ ਉਤੇ ਲੌਜਿਸਟਿਕ ਖ਼ਰਚਿਆਂ ਦਾ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਦੇ ਸਮੇਂ ਤੇ ਸਰੋਤਾਂ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਇਸ ਖਿੱਤੇ ਵਿੱਚ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਸਿੱਧ ਹੋਵੇਗਾ।