‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਰਕਾਰ ਵੱਲੋਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ- ਕੁਲਜੀਤ ਰੰਧਾਵਾ
ਹਰਜਿੰਦਰ ਸਿੰਘ ਭੱਟੀ
- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਦੇ ਵਾਰਡ ਨੰ: 07 ਦੇ ਬਹਾਵਲਪੁਰੀ ਧਰਮਸ਼ਾਲਾ ਵਿਖੇ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
- ਲੋਕਾਂ ਨੂੰ ਆਪਣੇ ਸਰਕਾਰ ਨਾਲ ਲੰਬਿਤ ਪਏ ਕੰਮ ਕੈਂਪਾਂ ਵਿੱਚ ਹਾਜਰ ਹੋ ਕੇ ਨਿਪਟਾਉਣ ਲਈ ਕਿਹਾ
ਲਾਲੜੂ/ਐੱਸ ਏ ਐੱਸ ਨਗਰ, 16 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਲਾਲੜੂ ਮੰਡੀ ਦੇ ਵਾਰਡ ਨੰ: 07 ਦੇ ਬਹਾਵਲਪੁਰੀ ਧਰਮਸ਼ਾਲਾ ਵਿਖੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ, ਜਿਸ ਵਿੱਚ ਲਾਲੜੂ ਦੇ ਵਾਰਡ ਨੰ: 4,5,7 ਅਤੇ 8 ਦੇ ਲੋਕ ਆਪਣੀਆਂ ਮੁਸ਼ਕਿਲਾਂ/ਅਰਜ਼ੀਆਂ ਲੈ ਕੇ ਹਾਜ਼ਰ ਹੋਏ। ਇਨ੍ਹਾਂ ਵਿੱਚ਼ ਬਹੁਤ ਸਾਰੀਆਂ ਅਰਜ਼ੀਆਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।
ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ, ਸ਼ਿਕਾਇਤਾਂ ਲੈ ਕੇ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਸੁਣ ਕੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਤੋ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਵਿੱਚ ਲੋਕਾਂ ਵੱਲੋਂ ਪਹੁੰਚ ਕੇ ਆਪਣੇ ਕੰਮ ਕਰਵੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਇਨ੍ਹਾਂ ਕੈਪਾਂ ਦੀ ਮੱਦਦ ਨਾਲ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਸਰਕਾਰੀ ਦਫਤਰਾਂ ਨਾਲ ਸਬੰਧਤ ਕੰਮ ਨਿਪਟਾ ਲੈ ਗਏ ਹਨ। ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।
ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਇਹ ਕੈਂਪ ਮੁੱਖ ਮੰਤਰੀ ਸ:ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਬਹੁਤ ਹੀ ਵਧੀਆ ਕਦਮ ਹੈ। ਲੋਕਾਂ ਦਾ ਕਹਿਣਾ ਹੈ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਰਕਾਰ ਵੱਲੋਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਉਨ੍ਹਾਂ ਦੇ ਪਿੰਡ ਵਿੱਚ ਜਾਂ ਸ਼ਹਿਰ ਵਿੱਚ ਲੱਗਣ ਕਾਰਨ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਘਰ ਬੈਠੇ ਹੀ ਹੋ ਗਿਆ ਹੈ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।