ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ
- ਕਿਹਾ-ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ
ਰੋਹਿਤ ਗੁਪਤਾ
ਬਟਾਲਾ, 16 ਮਈ 2025 - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਬਟਾਲਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਿੰਡ ਦੀਵਾਨੀਵਾਲ ਖੁਰਦ ਅਤੇ ਦੀਵਾਨੀਵਾਲ ਕਲਾਂ ਵਿਖੇ ਪਹੁੰਚੀ। ਇਸ ਮੌਕੇ ਡਾ ਕੁਸੁਮ ਅਗਰਵਾਲ,ਡੀਡੀਪੀਓ ਗੁਰਦਾਸਪੁਰ, ਨਾਇਬ ਤਹਿਸੀਲਦਾਰ ਨਿਤਿਨ ਜੀ, ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਬਲਜੀਤ ਸਿੰਘ ਬੀਡੀਪੀਓ ਬਟਾਲਾ, ਐਸਐਚਓ ਬਲਦੇਵ ਰਾਜ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਹਲਕਾ, ਸ਼ਰਨਜੀਤ ਸਿੰਘ ਸੈਕਰਟਰੀ, ਸਰਪੰਚ ਮੇਜਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਕਾਲਾ, ਜੋਬਨਪਰੀਤ ਸਿੰਘ, ਕਰਨ ਸੰਧੂ ਆਦਿ ਹਾਜਰ ਸਨ।
ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਨਾਂ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।
ਉਨਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ, ਸਿਹਤ ਸਮੇਤ ਵੱਖ ਵੱਖ ਕੇਤਰ ਵਿੱਚ ਉਪਰਾਲੇ ਕੀਤੇ ਗਏ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਲਈ ਪਿੰਡ ਵਿੱਚ ਵਾਲੀਬਾਲ ਖੇਡਣ ਲਈ ਖੇਡ ਮੈਦਾਨ ਬਣਾਉਣ ਲਈ ਕਿਹਾ।
ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।
ਉਨਾਂ ਦੱਸਿਆ ਕਿ ਕੱਲ੍ਹ 7 ਮਈ ਨੂੰ ਪਿੰਡ ਮਸਾਣੀਆਂ ਵਿਖੇ ਸ਼ਾਮ 4 ਵਜੇ, ਪੱਟੀ ਰਿਆੜ ਵਿਖੇ ਸ਼ਾਮ 5 ਵਜੇ ਅਤੇ ਕੰਡਿਆਲ ਵਿਖੇ ਸ਼ਾਮ 6 ਵਜੇ ‘ਨਸ਼ਾ ਮੁਕਤ ਯਾਤਰਾ ’ ਕੱਢੀ ਜਾਵੇਗੀ।