ਡਾ. ਬਲਜੀਤ ਕੌਰ ਨੇ ਕਰੀਬ 51.51 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ
- ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ –ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 51.51 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਲੋਟ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਖਿਆ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਕੈਬਨਿਟ ਮੰਤਰੀ ਨੇ ਸਰਕਾਰੀ ਹਾਈ ਸਕੂਲ, ਮੰਡੀ ਹਰਜੀ ਰਾਮ ਵਿਖੇ ਤਿੰਨ ਕਮਰਿਆਂ ਲਈ 24,50,000 ਰੁਪਏ ਅਤੇ 4,50,000 ਰਿਪੇਅਰ, ਸਰਕਾਰੀ ਪ੍ਰਾਇਮਰੀ ਸਕੂਲ ਵੈਸਟ-1, ਮਲੋਟ ਵਿਖੇ 7,51,000 ਰੁਪਏ ਕਮਰੇ ਲਈ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਮਲੋਟ ਵਿਖੇ ਦੋ ਕਮਰਿਆਂ ਲਈ 15 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਅੱਜ ਤਿੰਨ ਸਾਲ ਬਾਅਦ ਕੋਈ ਅਜਿਹਾ ਸਕੂਲ ਨਹੀਂ ਹੈ, ਜਿੱਥੇ ਚਾਰ ਦੀਵਾਰੀ ਨਹੀਂ ਹੈ। 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ ਐਮੀਨੈਂਸ ਬਣਾਏ ਗਏ ਹੈ। ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਇਹ ਸੇਵਾ ਆਉਣ ਵਾਲੇ ਦਿਨਾਂ ਵਿੱਚ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤੀ ਜਾਵੇਗੀ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ।
ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। ਇਸ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਮਾਪੇ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।