ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
- "ਨਸ਼ਿਆਂ ਵਿਰੁੱਧ ਜੰਗ" ਵਿੱਚ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ,ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ - ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 17 ਮਈ 2025 - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਔਜਲਾ, ਘੁਰਾਲਾ ਤੇ ਮਾਨ ਕੌਰ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਗਈ। ਨਸ਼ਾ ਮੁਕਤੀ ਯਾਤਰਾ ਤਹਿਤ ਇਨ੍ਹਾਂ ਪਿੰਡਾਂ ਵਿੱਚ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਜਿੱਥੇ ਸਿਹਤ, ਮਾਨਸਿਕ ਤੇ ਆਰਥਿਕ ਤੌਰ `ਤੇ ਨੁਕਸਾਨ ਹੁੰਦਾ ਹੈ ਓਥੇ ਸਮਾਜਿਕ ਤੌਰ `ਤੇ ਵੀ ਉਸਨੂੰ ਚੰਗਾ ਨਹੀਂ ਸਮਝਿਆ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਲਿਆ ਹੈ ਅਤੇ ਅਸੀਂ ਸਾਰੇ ਮਿਲ ਕੇ ਇਸ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਖਤ ਕਾਰਵਾਈ ਕਰਦਿਆਂ ਪਾਪ ਦੀ ਕਮਾਈ ਨਾਲ ਨਸ਼ਾ ਤਸਕਰਾਂ ਵੱਲੋਂ ਬਣਾਏ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਾਥ ਦੇਣ ਲਈ ਅੱਗੇ ਆਉਣ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਆਦੀ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸੰਪਰਕ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਹਨ ਤਾਂ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਛੁਡਾਊ ਕੇਂਦਰ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਪੁਨਰਵਾਸ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਬਹਿਲ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਆਯੋਜਿਤ ਪ੍ਰੋਗਰਾਮ ਵਿੱਚ ਮੌਜੂਦ ਸਾਰਿਆਂ ਨੂੰ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ ਤੇ ਹੋਰ ਆਗੂ ਵੀ ਮੌਜੂਦ ਸਨ।