ਮਮਤਾ ਦਿਵਸ: ਗਰਭਵਤੀ ਔਰਤਾਂ ਨੂੰ ਉਚੇਰੇ ਲਹੂ ਦਬਾਅ ਦੀ ਬਿਮਾਰੀ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ
ਅਸ਼ੋਕ ਵਰਮਾ
ਨਥਾਣਾ, 4 ਜੂਨ 2025 : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਬਲਾਕ ਨਥਾਣਾ ਅਧੀਨ ਸਿਹਤ ਕੇਂਦਰਾਂ ਵਿਉਚ ਹਾਇਪਰਟੈਂਸ਼ਨ ਮਹੀਨੇ ਤਹਿਤ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਉਚੇਰੇ ਲਹੂ ਦਬਾਅ ਦੀ ਬਿਮਾਰੀ ਤੋਂ ਬਚਾਅ ਬਾਰੇ ਅਤੇ ਇਸ ਕਾਰਨ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਾਵਾਂ ਨੂੰ ਬੱਚਿਆਂ ਵਿਚ ਵੱਧ ਰਹੇ ਤਣਾਅ ਬਾਰੇ ਸੁਚੇਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸਰਾਂ ਨੇ ਦੱਸਿਆ ਕਿ ਜੱਚਾ-ਬੱਚਾ ਦੀ ਸਲਾਮਤੀ ਲਈ ਜ਼ਰੂਰੀ ਹੈ ਕਿ ਬਲੱਡ ਪ੍ਰੈਸ਼ਰ ਦੀ ਸਮੇਂ ਸਮੇਂ ਸਿਰ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਕਾਰਨ ਗਲਤ ਖਾਣ-ਪੀਣ ਅਤੇ ਜਿਉਣ ਦੇ ਬਦਲ ਰਹੇ ਢੰਗ ਤਰੀਕੇ ਹਨ। ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਅਤੇ ਸਰੀਰਕ ਕਸਰਤ ਵਿੱਚ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਹਰੇਕ ਨੂੰ ਰੋਜਾਨਾ ਲੋੜੀਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ , ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਖਾਣੀਆਂ ਚਾਹੀਦੀਆਂ ਹਨ।
ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਮਾਂ ਅਤੇ ਬੱਚੇ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਗਰਭਵਤੀ ਔਰਤਾਂ ਤੇ ਦੁੱਧ ਪਿਲਾ ਰਹੀਆਂ ਮਾਵਾਂ ਨੂੰ ਫਾਸਟ ਫੂਡ ਤੋਂ ਪ੍ਰਹੇਜ ਕਰਕੇ ਮੌਸਮੀ ਫਲ ਅਤੇ ਸਬਜ਼ੀਆਂ, ਹਰੀਆਂ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ ਤਾਂ ਜੋ ਸਾਡੇ ਅੰਦਰ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਹੋ ਸਕੇ। ਉਨ੍ਹਾਂ ਇਸ ਮੌਕੇ ਬੱਚਿਆਂ ਵਿਚ ਪੈਕਟ ਬੰਦ ਬਜਾਰੂ ਖਾਣ-ਪੀਣ ਜਾਂ ਕੋਲਡ ਡਰਿੰਕ ਦੇ ਵੱਧ ਰਹੇ ਰੁਝਾਨਾਂ ਕਾਰਨ ਇਸ ਦੇ ਸਿਹਤ ਉਤੇ ਪੈਂਦੇ ਦੁਰਪ੍ਰਭਾਵਾਂ ਤੋਂ ਜਾਣੂ ਕਰਵਾਇਆ।ਉਹਨਾਂ ਦੱਸਿਆ ਕਿ ਬੱਚਿਆਂ ਨੂੰ ਸੂਚੀ ਅਨੁਸਾਰ ਸੰਪੂਰਨ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਆਪਣੀ ਪੂਰੀ ਜਿੰਦਗੀ ਮਾਰੂ ਬਿਮਾਰੀਆਂ ਤੋਂ ਬਚਿਆ ਰਹੇ। ਇਸ ਮੌਕੇ ਸਿਹਤ ਕਰਮੀ ਸਮੇਤ ਆਸ਼ਾ ਵਰਕਰਾਂ ਹਾਜ਼ਰ ਸਨ।