ਵਪਾਰ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 6 ਜੂਨ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਵਪਾਰ ਨੂੰ ਹੋਰ ਪ੍ਰਫੁਲੱਤ ਕਰਨ ਦੇ ਮੱਦੇਨਜ਼ਰ ਲੋੜੀਦੇ ਸੁਝਾਅ ਵੀ ਲਏ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਨੇ ਪੰਜਾਬ ਰਾਜ ਦੇ ਜੀ.ਐਸ.ਟੀ. ਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਆਬਕਾਰੀ, ਜੀ.ਐਸ.ਟੀ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਜੀ.ਐਸ.ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।
ਚੇਅਰਮੇਨ ਸ੍ਰੀ ਨੀਲ ਗਰਗ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਚੇਅਰਮੈਨ ਸ੍ਰੀ ਨੀਲ ਗਰਗ ਨੇ ਕਿਹਾ ਕਿ ਸੂਬਾ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ.ਐਸ.ਟੀ. ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਆਖਿਆ ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਪਾਰੀ ਆਦਿ ਹਾਜ਼ਰ ਸਨ।