ਯੁੱਧ ਨਸ਼ੇ ਵਿਰੁੱਧ : ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਤਹਿਤ 1133 ਵਿਅਕਤੀ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 1 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ ਹੁਣ ਤੱਕ 708 ਮੁਕੱਦਮੇ ਦਰਜ ਕਰਕੇ 1133 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਨਸ਼ਾਂ ਤਸਕਰਾਂ ਦੀ 9,72,38,899 ਰੁਪਏ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜ਼ੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ।
ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਕਿਸੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।