ਪਰਿਵਾਰ ਨਿਯੋਜਨ ਦੇ ਸਾਧਨ ਅਪਣਾ ਕੇ ਆਬਾਦੀ ਨੂੰ ਕੀਤਾ ਜਾ ਸਕਦਾ ਹੈ ਕੰਟਰੋਲ: ਡਾ. ਸਰਾਂ
ਅਸ਼ੋਕ ਵਰਮਾ
ਨਥਾਣਾ ,5 ਜੁਲਾਈ 2025 :ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਮਿਤੀ 27 ਜੂਨ, 2025 ਤੋਂ 25 ਜੁਲਾਈ, 2025 ਤੱਕ ਵਿਸ਼ਵ ਆਬਾਦੀ ਪੰਦਰਵਾੜਾ ਮੁਹਿੰਮ ਤਹਿਤ ਪਰਿਵਾਰ ਨਿਯੋਜਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ 2025 ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ। ਪਰਿਵਾਰ ਨਿਯੋਜਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਕੌਰ ਸਰਾਂ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਕਾਰਨ ਹੋਣ ਵਾਲੇ ਸਮਾਜਿਕ ਅਤੇ ਆਰਥਿਕ ਨੁਕਸਾਨਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ਦਿਵਸ ”ਸਮੂਹਿਕ ਤੌਰ ‘ਤੇ ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ” ਥੀਮ ਹੇਠ ਮਨਾਇਆ ਜਾਣਾ ਹੈ। ਇਸ ਦਿਨ ਦੇ ਸਬੰਧ ਵਿੱਚ ਸਿਹਤ ਵਿਭਾਗ ਵਲੋਂ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਅਤੇ 11 ਜੁਲਾਈ ਤੋਂ 25 ਜੁਲਾਈ ਤੱਕ ਜਨਸੰਖਿਆ ਸਥਿਰਤਾ ਪੰਦਰਵਾੜਾ ਮਨਾਇਆ ਜਾਣਾ ਹੈ।ਸਿਹਤ ਵਿਭਾਗ ਵਲੋਂ ਇਸ ਪੰਦਰਵਾੜੇ ਦੌਰਾਨ ਵਿਸ਼ੇਸ਼ ਅਪ੍ਰੇਸ਼ਨ ਕੈਂਪ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਸਿਹਤ ਵਰਕਰਾਂ ਰਾਹੀਂ ਘਰ-ਘਰ ਜਾ ਕੇ ਸੂਚਨਾ ਅਤੇ ਸਹੀ ਵਿਕਲਪ ਦੀ ਚੋਣ ਸਬੰਧੀ ਸਲਾਹ ਦਿੱਤੀ ਜਾਂਦੀ ਹੈ।ਪਿੰਡ ਗੋਬਿੰਦਪੁਰਾ ਵਿਖੇ ਪਰਿਵਾਰ ਨਿਯੋਜਨ ਸਬੰਧੀ ਜਾਗਰੂਕਤਾ ਮੀਟਿੰਗ ਦੌਰਾਨ ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਧਦੀ ਹੋਈ ਆਬਾਦੀ ਕਾਰਨ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ, ਚੰਗਾ ਘਰ, ਚੰਗੀ ਖੁਰਾਕ ਨਹੀਂ ਦੇ ਸਕਦੇ ਹਾਂ ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੜਕਿਆਂ ਦੀ ਸ਼ਾਦੀ 21 ਸਾਲ ਅਤੇ ਲੜਕੀਆਂ ਦੀ ਸ਼ਾਦੀ 18 ਸਾਲਾਂ ਤੋਂ ਪਹਿਲਾਂ ਨਾ ਕਰਨ। ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਪਹਿਲਾਂ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਸਰਾ ਬੱਚਾ ਪਹਿਲੇ ਬੱਚੇ ਤੋਂ ਤਿੰਨ ਸਾਲਾਂ ਦੇ ਫ਼ਰਕ ਨਾਲ ਲੈਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਪਰਿਵਾਰ ਨਿਯੋਜਨ ਸੇਵਾਵਾਂ ਮੁਫ਼ਤ ਉਪਲਬਧ ਹਨ। ਇਸ ਲਈ ਉਹਨਾਂ ਲੋਕਾਂ ਨੂੰ ਇਸ ਪੰਦਰਵਾੜੇ ਦਾ ਪੂਰਾ ਲਾਭ ਉਠਾਉਣ ਲਈ ਅਪੀਲ ਕੀਤੀ। ਸਿਹਤ ਕਰਮੀ ਵਰਿੰਦਰ ਕੌਰ ਵਲੋਂ ਪਰਿਵਾਰ ਨਿਯੋਜਨ ਦੇ ਕੱਚੇ ਪੱਕੇ ਸਾਧਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਰਕਰ ਗੁਰਦੀਪ ਸਿੰਘ ਸਮੇਤ ਆਸ਼ਾ ਵਰਕਰ ਹਾਜ਼ਰ ਸਨ।