“ਮਿਸ਼ਨ-ਇੱਕ ਜੱਜ ਇੱਕ ਰੁੱਖ” ਤਹਿਤ ਜ਼ੁਡੀਸ਼ੀਅਲ ਅਫ਼ਸਰਾਂ ਅਤੇ ਸਟਾਫ਼ ਵੱਲੋਂ ਮੋਹਾਲੀ, ਡੇਰਾਬੱਸੀ ਅਤੇ ਖਰੜ ਵਿਖੇ ਪੌਦੇ ਲਾਏ ਗਏ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ 2025 - ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ, ਜਸਟਿਸ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਮੋਹਾਲੀ, ਸਬ-ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿਖੇ “ਮਿਸ਼ਨ-ਇੱਕ ਜੱਜ ਇੱਕ ਰੁੱਖ” ਮੁਹਿੰਮ ਅਧੀਨ ਜੁਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ਼ ਰਾਹੀਂ 500 ਪੌਦੇ ਲਗਾਏ ਗਏ।
ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਵਲੋਂ ਜੁਡੀਸ਼ੀਅਲ ਅਧਿਕਾਰੀਆਂ ਨੂੰ ਉਨ੍ਹਾਂ ਵਲੋਂ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਬਣਾਈ ਰੱਖਣ ਵਿਚ ਬਣਦਾ ਯੋਗਦਾਨ ਪਾਉਣ ਲਈ ਸਹੰ ਚੁਕਾਈ ਗਈ।
ਸ਼੍ਰੀਮਤੀ ਪਰਾਸ਼ਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਜ ਪੱਧਰ ਤੇ "ਹਰ ਮਨੁੱਖ ਲਾਵੇ ਇੱਕ ਰੁੱਖ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਪੰਜਾਬ ਭਰ ਵਿੱਚ ਕੁੱਲ 5 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਮੁਹਿੰਮ ਅਧੀਨ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਪੌਦੇ ਲਗਾਏ ਗਏ ਹਨ।