ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼: 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
- ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਚਾਰ ਕਾਰਕੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ, ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ (ਅੰਮ੍ਰਿਤਸਰ), ਰੂਪਪ੍ਰੀਤ ਸਿੰਘ ਅਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ (ਅੰਮ੍ਰਿਤਸਰ) ਵਜੋਂ ਹੋਈ ਹੈ।ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਹਿੰਦਰਾ ਥਾਰ (ਪੀਬੀ08-ਐਫਸੀ-7002) ਅਤੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02-ਡੀਵੀ-6761) ਨੂੰ ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਖੇਪਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਕਾਕਾ, ਜੋ ਕਿ ਪਾਕਿਸਤਾਨ ਦੇ ਦਿਆਲ ਦਾ ਰਹਿਣ ਵਾਲਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।ਜਿ਼ਕਰਯੋਗ ਹੈ ਤਸਕਰ ਕਾਕਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੂਬੇ ਵਿੱਚ ਅੱਗੇ ਹੋਰ ਨਸ਼ਾ ਕਾਰੋਬਾਰੀਆਂ ਤੱਕ ਪਹੁੰਚਾਉਂਦੇ ਸਨ।
ਡੀਜੀਪੀ ਨੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨੇੜੇ ਕੁਝ ਵਿਅਕਤੀਆਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਟਾਰੀ ਤੋਂ ਪੁਲ ਕੰਜਰੀ ਰੋਡ, ਅੰਮ੍ਰਿਤਸਰ ਵੱਲ ਜਾਂਦੇ ਚਾਰ ਵਿਅਕਤੀਆਂ ਨੂੰ ਰੋਕ ਕੇ ਉਦੋਂ ਕਾਬੂ ਕਰ ਲਿਆ , ਜਦੋਂ ਉਹ ਆਪਣੇ ਵਾਹਨਾਂ ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫਆਈਆਰ ਨੰਬਰ 36 ਮਿਤੀ 05-07-2025 ਨੂੰ ਕੇਸ ਦਰਜ ਕੀਤਾ ਗਿਆ ਹੈ।