ਪੰਥਕ ਮਸਲਿਆਂ 'ਤੇ ਫ਼ੈਸਲੇ ਦਾ ਹੱਕ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ - ਬ੍ਰਹਮਪੁਰਾ
- ਗੁਮਰਾਹਕੁੰਨ ਪ੍ਰਚਾਰ ਰਾਹੀਂ ਸਿੱਖ ਕੌਮ 'ਚ ਪਾੜਾ ਪਾਉਣ ਦੀ ਕੋਸ਼ੇਸ਼ - ਬ੍ਰਹਮਪੁਰਾ
- ਕਿਹਾ, ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼
ਤਰਨ ਤਾਰਨ 05 ਜੁਲਾਈ 2025: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 'ਤਨਖ਼ਾਈਆ' ਕਰਾਰ ਦੇਣ ਦੇ ਫ਼ੈਸਲੇ ਨੂੰ ਸਖ਼ਤ ਸ਼ਬਦਾਂ ਵਿੱਚ ਰੱਦ ਕਰਦਿਆਂ ਇਸਨੂੰ ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇੱਕ ਸੋਚੀ-ਸਮਝੀ ਅਤੇ ਡੂੰਘੀ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਆਪਣੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਸਮੁੱਚੇ ਪੰਥ ਨਾਲ ਜੁੜੇ ਕਿਸੇ ਵੀ ਮਸਲੇ 'ਤੇ ਫ਼ੈਸਲਾ ਲੈਣ ਦਾ ਅਧਿਕਾਰ ਸਿਰਫ਼ ਅਤੇ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਲਿਆ ਗਿਆ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ ਦੇਣ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਤੁਲ ਹੈ।
ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੰਜਾਬ ਅਤੇ ਪੰਥ-ਵਿਰੋਧੀ ਤਾਕਤਾਂ ਦੇ ਇਸ਼ਾਰੇ 'ਤੇ ਹੋ ਰਿਹਾ ਹੈ, ਜਿਨ੍ਹਾਂ ਦਾ ਇੱਕੋ-ਇੱਕ ਮਕਸਦ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੀ ਲੀਡਰਸ਼ਿਪ ਖ਼ਿਲਾਫ਼ ਗੁਮਰਾਹਕੁੰਨ ਪ੍ਰਚਾਰ ਕਰਕੇ ਸਿੱਖ ਕੌਮ ਨੂੰ ਵੰਡਣਾ ਅਤੇ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ।
ਸ੍ਰ. ਬ੍ਰਹਮਪੁਰਾ ਨੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗੁਮਰਾਹਕੁੰਨ ਅਤੇ ਪੰਥ-ਵਿਰੋਧੀ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਾ ਭਰੋਸਾ ਰੱਖਣ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਰਹੇਗਾ।