ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਮਿਸਾਲੀ ਕਦਮ ਚੁੱਕੇ : MLA ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 8 ਜੁਲਾਈ ਸੂਬੇ ਵਿੱਚ ‘ਆਪ‘ ਸਰਕਾਰ ਬਣਨ ਤੋਂ ਬਾਅਦ ਵਾਤਾਵਰਣ ਨੂੰ ਬਚਾਉਣ, ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਸਮਾਜ ਦੀ ਭਲਾਈ ਲਈ ਜ਼ਿਕਰਯੋਗ ਮਿਸਾਲੀ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੀਆ ਤਕਨਾਲੌਜੀ ਨਾਲ ਹੱਲ ਕੱਢਣ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਮਿਸ਼ਨ ਦੇ ਅਧਾਰ ’ਤੇ ਸੂਬੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਕਰਕੇ ਸੂਬਾ ਸਰਕਾਰ ਪੰਜਾਬ ਦੇ 166 ਸ਼ਹਿਰਾਂ ਵਿੱਚ ਪਾਣੀ
ਦੀ ਸਪਲਾਈ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਲਾਈਟਾਂ ਅਤੇ ਐਸ.ਟੀ.ਪੀ. ਦੀ ਵਿਵਸਥਾ ਨੂੰ ਯਕੀਨੀ ਬਣਾਏਗੀ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ ਰੱਖੇਗੀ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।