ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਇੱਕ ਇਤਿਹਾਸਕ ਕਦਮ – ਹਰਚੰਦ ਬਰਸਟ
--- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਲੋਕਾਂ ਲਈ ਬਹੁਤ ਹੀ ਲਾਹੇਵੰਦ ਦੱਸਿਆ
--- ਕਿਹਾ - ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮਿਲੇਗਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ
ਮੋਹਾਲੀ, 9 ਜੁਲਾਈ, 2025 - ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ `ਮੁੱਖ ਮੰਤਰੀ ਸਿਹਤ ਯੋਜਨਾ´ ਦਾ ਤੋਹਫਾ ਦਿੱਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਲਾਹੇਵੰਦ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ, ਜਿਸਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਹ ਪਹਿਲ ਕਦਮੀ ਹੀ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਹਰ ਨਾਗਰਿਕ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਆਧੁਨਿਕ ਉਪਕਰਣ ਮੁਹੱਈਆ ਕਰਵਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾ ਚਲਾ ਰਹੀ ਹੈ, ਜਿਨ੍ਹਾਂ ਦਾ ਉਦੇਸ਼ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।