ਹੱਕ ਦੀ ਗੱਲ ਕਰਨ 'ਤੇ ਸਸਪੈਂਡ ਕੀਤਾ ਗਿਆ, ਸੰਦੋਆ ਨੇ CM ਮਾਨ ਕੋਲੋਂ ਕੀਤੀ ਕਾਰਵਾਈ ਦੀ ਮੰਗ
ਰੂਪਨਗਰ, 13 ਜੁਲਾਈ, 2025: ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਲ 2017 ਤੋਂ 2022 ਤੱਕ ਵਿਧਾਇਕ ਰਹੇ ਅਮਰਜੀਤ ਸਿੰਘ ਸੰਦੋਆ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ। ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਉੱਤੇ ਇਹ ਕਾਰਵਾਈ ਉਦੋਂ ਹੋਈ ਜਦੋਂ ਉਹ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲ਼ੀ ਔਰਤ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਅਤੇ ਸਥਾਨਕ ਲੋਕਾਂ ਵੱਲੋਂ ਵਿੱਚ ਧਰਨੇ ਵਿੱਚ ਸ਼ਾਮਿਲ ਹੋਏ ਸਨ।
ਧਰਨੇ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ਼ ਪੀੜਤ ਪਰਿਵਾਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਢਿੱਲੀ ਕਾਰਵਾਈ ਲਈ ਦੋਸ਼ੀ ਠਹਿਰਾਇਆ ਗਿਆ। ਅਤੇ ਦੋਸ਼ੀਆਂ ਨੂੰ ਬਚਾਉਣ ਦੇ ਆਰੋਪ ਵੀ ਲਗਾਏ ਗਏ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਖਿਲਾਫ਼ ਇਹ ਕਾਰਵਾਈ ਕਰ ਦਿੱਤੀ ਗਈ।
ਇਸ ਸਬੰਧ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿੱਥੇ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਆਪਣੇ ਹਲਕੇ ਦੇ ਲੋਕਾਂ ਲਈ ਡੱਟ ਕੇ ਖੜ੍ਹੇ ਹੋਏ ਹਨ ਅਤੇ ਹਮੇਸ਼ਾ ਉਨ੍ਹਾਂ ਦੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਪਣੇ ਹਲਕੇ ਵਿੱਚ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਸੜਕ ਹਾਦਸੇ ਦੌਰਾਨ ਉਸ ਔਰਤ ਦੀ ਬੇਟੀ ਸਮੇਤ ਦੋ ਹੋਰ ਔਰਤਾਂ ਵੀ ਜ਼ਖਮੀ ਹੋਈਆਂ ਸਨ। ਜਿਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਅਤੇ ਸੈਕਟਰ 32 ਦੇ ਹਸਪਤਾਲ ਵਿੱਚ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਦੁਰਘਟਨਾ ਦੇ ਕਾਫ਼ੀ ਦਿਨ ਬੀਤ ਜਾਣ ਬਾਅਦ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਮਿਤੀ 8 ਜੁਲਾਈ ਨੂੰ ਨੂਰਪੁਰ ਬੇਦੀ ਤੋਂ ਰੋਪੜ ਜਾਣ ਵਾਲ਼ੇ ਰਸਤੇ ਉੱਤੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਵੱਡੇ ਪੱਧਰ ਉੱਤੇ ਸਥਾਨਕ ਲੋਕਾਂ ਵੱਲੋਂ ਆਪਣੇ ਸ਼ਮੂਲੀਅਤ ਕੀਤੀ ਗਈ ਅਤੇ ਸਥਾਨਕ ਲੋਕਾਂ ਦਾ ਸਾਥ ਦੇਣ ਦੇ ਲਈ ਸਾਬਕਾ ਵਿਧਾਇਕ ਵੀ ਇਸ ਧਰਨੇ ਵਿੱਚ ਸ਼ਾਮਿਲ ਹੋਏ
ਜਿਸ ਤੋਂ ਬਾਅਦ ਅਗਲੇ ਦਿਨ ਵੀ ਪਰਿਵਾਰ ਵੱਲੋਂ ਮਿਤੀ 9 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਚੰਡੀਗੜ੍ਹ ਜਾਣ ਵਾਲ਼ੇ ਰਸਤੇ ਉੱਤੇ ਧਰਨਾ ਲਗਾਇਆ ਗਿਆ। ਉਸ ਧਰਨੇ ਵਿੱਚ ਵੀ ਉਨ੍ਹਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਉਨ੍ਹਾਂ ਵੱਲੋਂ ਦੋਸ਼ੀ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਕਾਰਨਾਂ ਅਸੀਂ ਦੋਸ਼ੀ ਨੂੰ ਬਚਾਉਣ ਵਾਲ਼ਿਆਂ ਸਬੰਧੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਬਹੁਤ ਆਸਾਂ ਹਨ, ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਹ ਜਾਂਚ ਦੀ ਮੰਗ ਕੀਤੀ। ਪ੍ਰੰਤੂ ਇੱਕ ਗਿਣੀ ਮਿੱਥੀ ਸਾਜਿਸ਼ ਤਹਿਤ ਇੱਕ ਵਿਅਕਤੀ ਵੱਲੋਂ ਪਾਰਟੀ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਉਨ੍ਹਾਂ ਖਿਲਾਫ਼ ਇਹ ਕਾਰਵਾਈ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਕਾਰਨ ਦੱਸੋ ਨੋਟਿਸ ਵੀ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਸਬੰਧੀ ਕੋਈ ਸਪੱਸ਼ਟੀਕਰਨ ਬਾਰੇ ਵੀ ਨਹੀਂ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਇਹ ਇਕ ਛੋਟੀ ਜਿਹੀ ਕੀਮਤ ਹੈ, ਉਹ ਆਪਣੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਹਰ ਤਰ੍ਹਾਂ ਦੀ ਕੀਮਤ ਚੁਕਾਉਣ ਲਈ ਤਿਆਰ ਹਨ।
ਸਾਬਕਾ ਵਿਧਾਇਕ ਨੇ ਬੋਲਿਆ ਕੀ ਉਹ ਲੋਕ ਸੇਵਾ ਲਈ ਸਮਰਪਿਤ ਹਨ ਅਤੇ ਉਹ ਅੱਗੇ ਵੀ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਪੂਰੀ ਤਰ੍ਹਾਂ ਨਾਲ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਇਸ ਦੇ ਨਾਲ਼ ਹੀ ਕਿਹਾ ਕਿ ਆਮ ਆਦਮੀ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਾਰਟੀ ਦੇ ਅੰਦਰ ਰਹਿ ਰਹੇ ਕੁੱਝ ਵਿਅਕਤੀ ਜੋ ਪਾਰਟੀ ਦੀ ਇਮਾਨਦਾਰ ਛਵੀ ਨੂੰ ਖਰਾਬ ਕਰ ਰਹੇ ਹਨ, ਉਨ੍ਹਾਂ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਜੋ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ
ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਵੀ ਪਾਰਟੀ ਦੀ ਛਵੀ ਖਰਾਬ ਕਰਨ ਵਾਲ਼ੇ ਅਤੇ ਭ੍ਰਿਸ਼ਟਾਚਾਰ ਕਰਨ ਵਾਲ਼ੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਲਈ ਵੀ ਪੱਤਰ ਲਿਖਿਆ ਗਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਇਸ ਸਬੰਧੀ ਬਣਦੀ ਕਾਰਵਾਈ ਕਰਨਗੇ।
ਇਸ ਮੌਕੇ ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਨਾਲ ਡੱਟ ਕੇ ਖੜੇ ਹਨ। ਹਲਕੇ ਦੇ ਵਿੱਚ ਜੇਕਰ ਕਿਸੇ ਦੇ ਨਾਲ ਕੋਈ ਅੱਤਿਆਚਾਰ ਹੋਵੇਗਾ ਤਾਂ ਉਹ ਉਸਦੀ ਸਾਰ ਲੈਣਗੇ ਅਤੇ ਉਸਦੇ ਨਾਲ ਹਰ ਵਕਤ ਖੜਨਗੇ ਬਤੌਰ ਰਾਜਨੀਤਿਕ ਨੁਮਾਇੰਦੇ ਉਹਨਾਂ ਦਾ ਇਹ ਫਰਜ਼ ਵੀ ਬਣਦਾ ਹੈ ਕਿ ਹਲਕੇ ਦੇ ਵਿੱਚ ਹਰ ਵਿਅਕਤੀ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਉਸਦੇ ਸੁੱਖ ਦੁੱਖ ਦੇ ਵਿੱਚ ਬਤੌਰ ਪਰਿਵਾਰਿਕ ਮੈਂਬਰ ਆਪਣੀ ਭੂਮਿਕਾ ਨੂੰ ਨਿਭਾਉਂਦੇ ਰਹਿਣਗੇ ਜੋ ਲੋਕ ਉਨ੍ਹਾਂ ਕੋਲ਼ ਕੰਮ ਦੇ ਲਈ ਆਉਣਗੇ ਉਨ੍ਹਾਂ ਲੋਕਾਂ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸਿਰਫ਼ ਸਸਪੈਂਡ ਕੀਤਾ ਗਿਆ ਹੈ, ਪਰੰਤੂ ਉਹ ਖੁਦ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਭੇਜ ਰਹੇ ਹਨ।